ਜਲੰਧਰ, 7 ਦਸੰਬਰ 2023-ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੈਨਿਕਾਂ ਦੀ ਯਾਦ ਵਿੱਚ ਵੀਰਵਾਰ ਨੂੰ ਸਥਾਨਕ ਪੰਜਾਬ ਸਟੇਟ ਵਾਰ ਮੈਮੋਰੀਅਲ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ।
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ ਅਤੇ ਅਮਰ ਜੋਤੀ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਬਹਾਦਰ ਸੈਨਿਕਾਂ ਅਤੇ ਸ਼ਹੀਦਾਂ ਨੂੰ ਉਨ੍ਹਾਂ ਦੀ ਬਹਾਦਰੀ ਲਈ ਸ਼ਰਧਾਂਜਲੀ ਭੇਟ ਕਰਨ ਦਾ ਇਹ ਇੱਕ ਅਹਿਮ ਮੌਕਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਸੂਰਬੀਰ ਅਤੇ ਬਹਾਦਰ ਸੈਨਿਕਾਂ ’ਤੇ ਮਾਣ ਹੋਣਾ ਚਾਹੀਦਾ ਹੈ, ਜਿਹੜੇ ਦੇਸ਼ ਦੀ ਰਾਖੀ ਲਈ ਸਰਹੱਦਾਂ, ਜੰਗਲਾਂ, ਰੇਗਿਸਤਾਨ ਅਤੇ ਬਰਫੀਲੇ ਇਲਾਕਿਆਂ ਵਿੱਚ ਮੁਸ਼ਕਲ ਹਾਲਾਤ ਵਿੱਚ ਆਪਣੀ ਡਿਊਟੀ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਅਸੀਂ ਆਪਣੇ ਘਰਾਂ ਵਿੱਚ ਆਰਾਮ ਦੀ ਨੀਂਦ ਸੌਂਦੇ ਹਾਂ।

ਇਸ ਮੌਕੇ ਦਫ਼ਤਰ ਦੇ ਸਟਾਫ ਵੱਲੋਂ ਟ੍ਰੇਨਿੰਗ ਲੈ ਰਹੇ ਸਿਖਿਆਰਥੀਆਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਗਿਆ ਕਿ ਹਥਿਆਰਬੰਦ ਝੰਡਾ ਦਿਵਸ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਜ਼ਿਲ੍ਹੇ ਦੇ ਵਸਨੀਕਾਂ ਨੂੰ ਸਵੈ-ਇੱਛਾ ਨਾਲ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਾਡੀਆਂ ਸਰਹੱਦਾਂ ਦੀ ਚੌਵੀ ਘੰਟੇ ਰਾਖੀ ਕਰਨ ਵਾਲੇ ਸਾਡੇ ਬਹਾਦਰ ਸੈਨਿਕਾਂ ਵੱਲੋਂ ਨਿਭਾਈਆਂ ਸੇਵਾਵਾਂ ਪ੍ਰਤੀ ਨਿਮਰਤਾ ਅਤੇ ਸਨਮਾਨ ਦਾ ਪ੍ਰਤੀਕ ਹੈ।