ਅੰਮ੍ਰਿਤਸਰ, 9 ਦਸੰਬਰ 2023-ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਦੀ ਅੱਜ ਇੱਥੇ ਹੋਈ ਇਕੱਤਰਤਾ ਦੌਰਾਨ ਇਸ ਮਾਮਲੇ ਸੰਬੰਧੀ ਗੱਲਬਾਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਨਸਾਫ਼ ਦੇਣ ਦੀ ਮੰਗ ਕੀਤੀ ਗਈ। ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਭਾਈ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਮਿਲੀ ਉਮਰ ਕੈਦ ’ਚ ਤਬਦੀਲ ਕਰਾਉਣਾ ਸਿੱਖਾਂ ਦਾ ਕੌਮੀ ਤੇ ਸੰਵੇਦਨਸ਼ੀਲ ਮੁੱਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਾਮਲੇ ਨੂੰ ਲੈ ਕੇ ਸਰਕਾਰ ਨਾਲ ਟਕਰਾਅ ਨਹੀਂ ਹੈ ਬਲਕਿ ਅਸੀਂ ਇਨਸਾਫ਼ ਮੰਗਦੇ ਹਾਂ। ਇਸ ਲਈ ਪੰਜ ਮੈਂਬਰੀ ਕਮੇਟੀ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਅਤੇ ਭਾਈ ਬਲਵੰਤ ਸਿੰਘ ਖੈੜਾ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਕੇਂਦਰ ਸਰਕਾਰ ਵੱਲੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 2019 ਵਿੱਚ ਜਾਰੀ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਗਠਿਤ ਕੀਤੀ ਗਈ 5 ਮੈਂਬਰੀ ਉੱਚੀ ਪੱਧਰੀ ਕਮੇਟੀ ਦੀ ਪਲੇਠੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ।
ਭਾਈ ਰਾਜੋਆਣਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਲਈ ਸਮਾਂ ਦੇਣ ਲਈ ਪੱਤਰ ਲਿਖਣ ਲਈ ਫੈਸਲਾ ਕੀਤਾ ਗਿਆ। ਇਸ ਇਕੱਤਰਤਾ ਵਿੱਚ ਐਸ ਜੀ ਪੀ ਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਅਜੀਤ ਦੇ ਮੁੱਖ ਸੰਪਾਦਕ ਡਾਕਟਰ ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਅਤੇ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਸ਼ਾਮਲ ਹੋਏ।