ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ ਲਈ ਕਿਹਾ
ਜਲੰਧਰ, 11 ਦਸੰਬਰ 2023-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ 69 ਨਵ ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ ਲਈ ਕਿਹਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਵ ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਵਾਰੀ ਕਿਸੇ ਵੀ ਜ਼ਿਲ੍ਹੇ ਦੇ ਮਾਲ ਪ੍ਰਸ਼ਾਸਨ ਦੀ ਨੀਂਹ ਹੁੰਦੇ ਹਨ। ਉਨ੍ਹਾਂ ਨਵ ਨਿਯੁਕਤ ਪਟਵਾਰੀਆਂ ਨੂੰ ਸਖ਼ਤ ਮਿਹਨਤ ਤੇ ਲਗਨ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ।

ਨਿਯੁਕਤੀ ਪੱਤਰ ਮਿਲਣ ’ਤੇ ਨਵ ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਸ੍ਰੀ ਸਾਰੰਗਲ ਨੇ ਦੱਸਿਆ ਕਿ 15 ਮਹੀਨੇ ਦੀ ਟ੍ਰੇਨਿੰਗ ਮੁਕੰਮਲ ਹੋਣ ਉਪਰੰਤ ਇਨ੍ਹਾਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਟਵਾਰੀਆਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਵਿੱਚ ਮਾਲ ਵਿਭਾਗ ਦਾ ਕੰਮ ਹੋਰ ਸੁਚਾਰੂ ਹੋਵੇਗਾ, ਜਿਸ ਨਾਲ ਲੋਕਾਂ ਨੂੰ ਸਿੱਧਾ ਫਾਇਦਾ ਪਹੁੰਚੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਵਾਰੀ ਦਾ ਅਹੁਦਾ ਆਮ ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਹੋਇਆ ਹੈ, ਇਸ ਲਈ ਉਨ੍ਹਾਂ ਦੀ ਪਹਿਲੀ ਤਰਜੀਹ ਲੋਕਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੋਣੀ ਚਾਹੀਦੀ ਹੈ।
ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦ ਪ੍ਰਕਾਸ਼ ਵਰਮਾ, ਸਦਰ ਕਾਨੂੰਨਗੋ ਅਜੀਤ ਸਿੰਘ ਅਤੇ ਨਵ ਨਿਯੁਕਤ ਪਟਵਾਰੀ ਮੌਜੂਦ ਸਨ।