Breaking
Thu. Mar 27th, 2025

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਪਿੰਡਾਂ ’ਚ 60.50 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕਿਹਾ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕ੍ਰਾਂਤੀਕਾਰੀ ਫੈਸਲੇ ਲਏ

ਜਲੰਧਰ, 11 ਦਸੰਬਰ 2023-ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੇ ਅੱਠ ਪਿੰਡਾਂ ਵਿੱਚ 60.50 ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।

ਇਨ੍ਹਾਂ ਪਿੰਡਾਂ ਵਿੱਚ ਕੋਟਲਾ, ਮੁਬਾਰਕਪੁਰ, ਸ਼ੇਖੇ, ਸ਼ੇਰਪੁਰ, ਮਦਾਰਾ, ਧੋਗੜੀ, ਰਾਓਵਾਲੀ ਅਤੇ ਨੰਗਲ ਸਲੇਮਪੁਰ ਸ਼ਾਮਲ ਹਨ, ਜਿਨ੍ਹਾਂ ਵਿੱਚ ਇੰਟਰਲਾਕ ਟਾਇਲਾਂ ਅਤੇ ਸੀਵਰੇਜ ਦੇ ਕੰਮ ਦੀ ਸ਼ੁਰੂ ਕਰਵਾਈ ਗਈ। ਵਿਕਾਸ ਕਾਰਜਾਂ ਦੇ ਆਗਾਜ਼ ਮੌਕੇ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਪਿੰਡਾਂ ਦੇ ਲੋਕਾਂ ਨੂੰ ਸਿੱਧੇ ਤੌਰ ’ਤੇ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸੀਵਰੇਜ ਸਿਸਟਮ ਪੈਣ ਸਦਕਾ ਜਿਥੇ ਇਨ੍ਹਾਂ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਯਕੀਨੀ ਬਣੇਗੀ ਉਥੇ ਇੰਟਰਲਾਕਿੰਗ ਟਾਇਲਾਂ ਲੱਗਣ ਸਦਕਾ ਆਮ ਲੋਕਾਂ ਨੂੰ ਆਉਣ-ਜਾਣ ਵਿੱਚ ਆਸਾਨੀ ਹੋਵੇਗੀ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਆਧੁਨਿਕ ਸਮੇਂ ਅਨੁਸਾਰ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਭਗਵੰਤ ਮਾਨ ਸਰਕਾਰ ਸਰਕਾਰ ਹੀ ਹੈ, ਜਿਸ ਨੇ ਲੋਕਾਂ ਦੀ ਭਲਾਈ ਲਈ ਕ੍ਰਾਂਤੀਕਾਰੀ ਫੈਸਲੇ ਲਏ ਹਨ।
ਮੰਤਰੀ ਨੇ ਕਿਹਾ ਕਿ ਲੋਕਾਂ ਨੂੰ 600 ਯੂਨਿਟ ਬਿਜਲੀ ਮੁਆਫੀ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਸਕੂਲ ਆਫ ਐਮੀਨੈਂਸ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਤੋਂ ਬਾਅਦ ਹਾਲ ਹੀ ਵਿੱਚ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਲੋਕ ਪਵਿੱਤਰ ਸਥਾਨਾਂ ਦੀ ਮੁਫ਼ਤ ਯਾਤਰਾ ਕਰ ਸਕਦੇ ਹਨ।

ਇਕ ਹੋਰ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੇ ਨਾਗਰਿਕ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਇਸ ਮੌਕੇ ਪੰਚਾਇਤਾਂ ਨੂੰ ਆਪਣੇ ਪਿੰਡਾਂ ਵਿੱਚ ਹੋਰ ਵਿਕਾਸ ਕਾਰਜ ਕਰਵਾਉਣ ਲਈ ਪ੍ਰਸਤਾਵ ਬਣਾ ਕੇ ਭੇਜਣ ਲਈ ਵੀ ਕਿਹਾ। ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੇ ਮਿਆਰ ਤੇ ਗੁਣਵੱਤਾ ਦਾ ਪੂਰਾ ਧਿਆਨ ਰੱਖਦਿਆਂ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਜਲਦ ਤੋਂ ਜਲਦ ਢੁੱਕਵਾਂ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ।

By admin

Related Post

Leave a Reply

Your email address will not be published. Required fields are marked *