ਸ੍ਰੀ ਅਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ ਅਤੇ ਮਾਤਾ ਚਿੰਤਪੁਰਨੀ ਜੀ ਦੀ ਪਵਿੱਤਰ ਯਾਤਰਾ ਲਈ ਜਾਵੇਗੀ ਸ਼ਰਧਾਲੂਆਂ ਦੀ ਬੱਸ
ਜਲੰਧਰ, 15 ਦਸੰਬਰ 2023-ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਸ਼ੁੱਕਰਵਾਰ ਨੂੰ ਬਸਤੀ ਦਾਨਿਸ਼ਮੰਦਾ ਇਲਾਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪੰਜਾਬ ਰੋਡਵੇਜ਼ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। 43 ਸ਼ਰਧਾਲੂਆਂ ਵਾਲੀ ਬੱਸ ਮਾਤਾ ਨੈਣਾ ਦੇਵੀ ਜੀ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾ ਜੀ ਅਤੇ ਮਾਤਾ ਚਿੰਤਪੁਰਨੀ ਜੀ ਦੀ ਪਵਿੱਤਰ ਯਾਤਰਾ ਲਈ ਜਾਵੇਗੀ। ਬੱਸ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੁਕੇਗੀ ਅਤੇ ਸ਼ਨੀਵਾਰ ਸ਼ਾਮ ਨੂੰ ਪਰਤੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅੰਗੂਰਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਮੁਫ਼ਤ ਸਹੂਲਤ ਦੇਣ ਲਈ ਇਸ ਸਾਲ 27 ਨਵੰਬਰ ਨੂੰ ਇਹ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਖਾਣ-ਪੀਣ ਅਤੇ ਰਿਹਾਇਸ਼ ਸਬੰਧੀ ਸਮੁੱਚਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਰੇਲ ਗੱਡੀਆਂ ਅਤੇ ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ, ਵਰਿੰਦਾਵਨ ਧਾਮ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਵਾਰਾਣਸੀ, ਸ਼੍ਰੀ ਖਾਟੂ ਸ਼ਿਆਮ ਜੀ, ਸ਼੍ਰੀ ਸਾਲਾਸਰ ਬਾਲਾਜੀ ਧਾਮ ਅਤੇ ਖਵਾਜਾ ਅਜਮੇਰ ਸ਼ਰੀਫ ਦਰਗਾਹ ਦੀ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਕੀਮ ਤਹਿਤ 40 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਹੈ ਅਤੇ ਯਾਤਰੀਆਂ ਨੂੰ ਲੋੜੀਂਦੀਆਂ ਵਸਤਾਂ ਵਾਲੇ ਵਿਸ਼ੇਸ਼ ਬੈਗ ਵੀ ਮੁਹੱਈਆ ਕਰਵਾਏ ਗਏ ਹਨ।