Breaking
Thu. Mar 27th, 2025

ਕੇਂਦਰੀ ਟੀਮ ਨੇ ਜ਼ਿਲ੍ਹਾ ਜਲ ਸੰਭਾਲ ਯੋਜਨਾ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਨੂੰ ਰੋਕਣ ਲਈ ਪੂਰੇ ਤਾਲਮੇਲ ਨਾਲ ਠੋਸ ਉਪਰਾਲੇ ਕਰਨ ਲਈ ਕਿਹਾ

ਜ਼ਿਲ੍ਹੇ ਦੀਆਂ ਸਾਰੀਆਂ ‘ਵਾਟਰ ਬੋਡੀਜ਼’ ਦੀ ਜੀਓ ਟੈਗਿੰਗ ’ਤੇ ਵੀ ਜ਼ੋਰ ਦਿੱਤਾ

ਡਿਪਟੀ ਕਮਿਸ਼ਨਰ ਵੱਲੋਂ ਪਾਣੀ ਨੂੰ ਸੰਭਾਲ ਸਬੰਧੀ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ ਦੇ ਹੁਕਮ

ਵਿਭਾਗੀ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਲਈ ਕਿਹਾ

ਜਲੰਧਰ, 21 ਦਸੰਬਰ 2023-ਜਲ ਸ਼ਕਤੀ ਅਭਿਆਨ ਦੀ ਕੇਂਦਰੀ ਟੀਮ ਨੇ ਵੀਰਵਾਰ ਨੂੰ ਸਾਲ 2023-24 ਲਈ ਜ਼ਿਲ੍ਹਾ ਜਲ ਸੰਭਾਲ ਯੋਜਨਾ ਤਹਿਤ ਪਾਣੀ ਨੂੰ ਬਚਾਉਣ ਅਤੇ ਸੰਭਾਲਣ ਸਬੰਧੀ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਪ੍ਰਾਜੈਕਟਾਂ ਨੂੰ 31 ਮਾਰਚ 2024 ਤੱਕ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੇਂਦਰੀ ਨੋਡਲ ਅਫ਼ਸਰ, ਜੁਆਇੰਟ ਸਕੱਤਰ, ਰੱਖਿਆ ਮੰਤਰਾਲੇ, ਦਿਨੇਸ਼ ਕੁਮਾਰ ਨੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਜਸਪ੍ਰੀਤ ਸਿੰਘ, ਸੈਂਟਰਲ ਗਰਾਊਂਡ ਵਾਟਰ ਬੋਰਡ ਦੇ ਵਿਗਿਆਨੀ ਕੇ.ਪੀ.ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਨ੍ਹਾਂ ਨੂੰ ਨਿਰਧਾਰਤ ਸਮੇਂ ’ਤੇ ਮੁਕੰਮਲ ਕੀਤਾ ਜਾ ਸਕੇ।

ਕੇਂਦਰੀ ਨੋਡਲ ਅਫ਼ਸਰ ਨੇ ਜਲ ਸ਼ਕਤੀ ਕੇਂਦਰਾਂ, ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਛੱਪੜਾਂ, ਤੁਪਕਾ ਸਿੰਚਾਈ ਪ੍ਰਣਾਲੀ, ਐਸ.ਟੀ.ਪੀ., ਹੜਾਂ ਤੋਂ ਸੁਰੱਖਿਆ ਸਬੰਧੀ ਕਾਰਜ, ਸਾਂਝਾ ਜਲ ਤਲਾਬ, ਜਾਗਰੂਕਤਾ ਗਤੀਵਿਧੀਆਂ, ਤਰਲ ਰਹਿੰਦ-ਖੂਹੰਦ ਪ੍ਰਬੰਧਨ ਅਤੇ ਬੂਟੇ ਲਾਉਣ ਦੀ ਮੁਹਿੰਮ ਸਮੇਤ ਪ੍ਰਮੁੱਖ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਵਿੱਚ ਸੁਧਾਰ ਲਈ ਪੂਰੇ ਤਾਲਮੇਲ ਨਾਲ ਠੋਸ ਉਪਰਾਲੇ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਕਿਸੇ ਪ੍ਰਾਜੈਕਟ ਨੂੰ ਲਾਗੂ ਕਰਨ ਵਿੱਚ ਜੇਕਰ ਕਿਤੇ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਪ੍ਰਸ਼ਾਸਨ ਜਾਂ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਨੂੰ ਜਲਦ ਤੋਂ ਜਲਦ ਦੂਰ ਕਰਕੇ ਪ੍ਰਾਜੈਕਟ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।

ਜ਼ਿਲ੍ਹੇ ਦੀਆਂ ਸਾਰੀਆਂ ‘ਵਾਟਰ ਬੋਡੀਜ਼’ ਦੀ ਜੀਓ ਟੈਗਿੰਗ ’ਤੇ ਵੀ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਇਸ ਵਿੱਚ ਸੁਧਾਰ ਲਈ ਹਰੇਕ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਵਿਸ਼ੇਸ਼ ਡਿਊਟੀ ਵਜੋਂ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਵੀ ਪਾਣੀ ਦੀ ਸੰਭਾਲ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿਉਂਕਿ ਸਮੂਹਿਕ ਯਤਨਾਂ ਨਾਲ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਬੱਚਤ ਕਰ ਸਕਦੇ ਹਾਂ।

ਇਸ ਦੌਰਾਨ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕੇਂਦਰੀ ਟੀਮ ਨੂੰ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਾਣੀ ਨੂੰ ਬਚਾਉਣ ਤੇ ਸੰਭਾਲਣ ਸਬੰਧੀ ਜ਼ਿਲ੍ਹੇ ’ਚ ਚੱਲ ਰਹੇ ਪ੍ਰਾਜੈਕਟਾਂ ਦੀ ਨਿਯਮਿਤ ਸਮੀਖਿਆ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਇਸ ਸਬੰਧੀ ਪਹਿਲਾਂ ਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜਲ ਸ਼ਕਤੀ ਕੇਂਦਰਾਂ ਰਾਹੀਂ ਪਾਣੀ ਦੀ ਸਾਂਭ-ਸੰਭਾਲ ਤੋਂ ਇਲਾਵਾ ਮੀਂਹ ਦੇ ਪਾਣੀ ਨੂੰ ਸਾਂਭਣ ਲਈ ਛੱਤਾਂ ਉੱਪਰ ਵਾਟਰ ਹਾਰਵੈਸਟਿੰਗ ਵਿਵਸਥਾ ਦੇ ਨਾਲ-ਨਾਲ ਛੱਪੜਾਂ ਦੇ ਨਵੀਨੀਕਰਨ ਦੇ ਕੰਮ ਜੰਗੀ ਪੱਧਰ ’ਤੇ ਜਾਰੀ ਹਨ। ਇਸ ਤੋਂ ਇਲਾਵਾ ਗੰਦੇ ਪਾਣੀ ਨੂੰ ਸੀਵਰੇਜ ਟ੍ਰੀਟਮੈਂਠ ਪਲਾਂਟਾਂ ਰਾਹੀਂ ਸਾਫ ਕਰਕੇ ਸਿੰਚਾਈ ਲਈ ਵਰਤਣ ਦੇ ਪ੍ਰਾਜੈਕਟਾਂ ’ਤੇ ਵੀ ਕੰਮ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਪਿੰਡ ਪੱਧਰ ’ਤੇ ਪਾਣੀ ਸੁਚੱਜੀ ਵਰਤੋਂ ਵਿਸ਼ੇਸ਼ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਯੋਜਨਾਵਾਂ ਤਹਿਤ ਰੂਫ ਟਾਪ ਰੇਨ ਵਾਟਰ ਹਾਰਵੈਸਟਿੰਗ ਦੇ 61, ਛੱਪੜਾਂ ਦੇ ਨਵੀਨੀਕਰਨ ਦੇ 10 ਪ੍ਰਾਜੈਕਟ 31 ਜਨਵਰੀ ਤੱਕ ਮੁਕੰਮਲ ਕਰ ਲਏ ਜਾਣਗੇ।

ਉਨ੍ਹਾਂ ਖੇਤੀਬਾੜੀ, ਭੌਂ ਰੱਖਿਆ ਤੇ ਜਲ ਸੰਭਾਲ, ਡਰੇਨੇਜ ਵਿਭਾਗ, ਜਲ ਸਰੋਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਿਹਤਰੀਨ ਆਪਸੀ ਤਾਲਮੇਲ ਰਾਹੀਂ ਚੱਲ ਰਹੇ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਅਤੇ ਨਵੇਂ ਪ੍ਰਾਜੈਕਟਾਂ ਸਬੰਧੀ ਪ੍ਰਸਤਾਵ ਵੀ ਜਲਦ ਸੌਂਪੇ ਜਾਣ।

ਕੇਂਦਰੀ ਟੀਮ ਵੱਲੋਂ ਆਪਣੇ ਦੌਰੇ ਦੌਰਾਨ ਪਾਣੀ ਦੀ ਸੰਭਾਲ ਸਬੰਧੀ ਚੱਲ ਰਹੇ ਪ੍ਰਾਜੈਕਟਾਂ ਦਾ ਨਿਰੀਖਣ ਵੀ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਧਰਮਪਾਲ, ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਜ਼ੀਨਤ ਖਹਿਰਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

By admin

Related Post

Leave a Reply

Your email address will not be published. Required fields are marked *