ਕਿਹਾ ਸੋਸ਼ਲ ਮੀਡੀਆ ’ਤੇ ਗੈਰ ਜ਼ਰੂਰੀ ਚੀਜ਼ਾਂ ’ਤੇ ਸਮਾਂ ਬਰਬਾਦ ਨਾ ਕੀਤਾ ਜਾਵੇ
ਵਿਦਿਆਰਥੀਆਂ ਨੂੰ ਸਮਾਜ ’ਚ ਬਦਲਾਅ ਦੇ ਦੂਤ ਬਣਨ ਲਈ ਵੀ ਕਿਹਾ
ਵਧੀਕ ਡਿਪਟੀ ਕਮਿਸ਼ਨਰਾਂ ਜਸਬੀਰ ਸਿੰਘ ਅਤੇ ਅਮਿਤ ਮਹਾਜਨ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਤੇ ਟੀਚਿਆਂ ‘ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਆ
ਜਲੰਧਰ, 29 ਦਸੰਬਰ 2023-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਵੱਡੇ ਸੁਪਨੇ ਦੇਖਣ ਅਤੇ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ।
ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਕੂਲ ਆਫ਼ ਐਮੀਨੈਂਸਿਸ ਦੇ 175 ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਨੂੰ ਵਿਸ਼ਵ ਦੀ ਮਹਾਂਸ਼ਕਤੀ ਬਣਾਉਣ ਦੀ ਵੱਡੀ ਜ਼ਿੰਮੇਵਾਰੀ ਨੌਜਵਾਨਾਂ ਦੇ ਮੋਢਿਆਂ ‘ਤੇ ਹੈ, ਜਿਸ ਦੇ ਲਈ ਉਨ੍ਹਾਂ ਨੂੰ ਆਪਣੇ ਟੀਚਿਆਂ ‘ਤੇ ਕੇਂਦਰਿਤ ਰਹਿਣਾ ਚਾਹੀਦਾ ਹੈ।
ਸਾਰੰਗਲ ਨੇ ਨੌਜਵਾਨਾਂ ਨੂੰ ਆਪਣਾ ਕੀਮਤੀ ਸਮਾਂ ਸੋਸ਼ਲ ਮੀਡੀਆ ’ਤੇ ਗੈਰ-ਜ਼ਰੂਰੀ ਗਤੀਵਿਧੀਆਂ ‘ਤੇ ਬਰਬਾਦ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਨੌਜਵਾਨ ਵੀਡੀਓਜ਼ ਸਕ੍ਰੌਲਿੰਗ ਵਿੱਚ ਹੀ ਕਈ ਘੰਟੇ ਗੁਜ਼ਾਰ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਇਹ ਰੀਲਾਂ ਨੌਜਵਾਨਾਂ ਦੀ ਇਕਾਗਰਤਾ ਵਿੱਚ ਰੁਕਾਵਟ ਪਾ ਰਹੀਆਂ ਹਨ, ਉਨ੍ਹਾਂ ਦਾ ਧਿਆਨ ਕੇਂਦਰਿਤ ਕਰਨ ਵਿੱਚ ਅੜਚਨ ਬਣ ਰਹੀਆਂ ਹਨ ਅਤੇ ਉਨ੍ਹਾਂ ਦੇ ਅਕਾਦਮਿਕ ਪ੍ਰਦਰਸ਼ਨ ’ਤੇ ਅਸਰ ਪਾਉਂਦੀਆਂ ਹੋਈਆਂ ਉਨ੍ਹਾਂ ਦੀ ਸਮੁੱਚੀ ਸ਼ਖਸੀਅਤ ਨੂੰ ਪ੍ਰਭਾਵਿਤ ਕਰ ਰਹੀਆਂ ਹਨ ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੀਲਾਂ ਦੇ ਚੱਕਰ ‘ਚੋਂ ਬਾਹਰ ਆਉਣ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਵੱਡੇ ਸੁਪਨੇ ਦੇਖਣ ਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸਫ਼ਲਤਾ ਦਾ ਸਾਹਮਣਾ ਕਰਨ ‘ਤੇ ਨਿਰਾਸ਼ ਨਹੀਂ ਹੋਣਾ ਚਾਹੀਦਾ ਕਿਉਂਕਿ ਅਸਫ਼ਲਤਾ ਸਫ਼ਲਤਾ ਦਾ ਆਧਾਰ ਹੈ, ਜਿਸ ਤੋਂ ਪ੍ਰੇਰਨਾ ਲੈਂਦੇ ਹੋਏ ਮਿਹਨਤ ਨਾਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਜਿਗਿਆਸਾ ਪੈਦਾ ਕਰਨ ਲਈ ਵੀ ਕਿਹਾ, ਜਿਸ ਸਦਕਾ ਉਹ ਰੋਜ਼ਾਨਾ ਨਵੀਆਂ ਚੀਜ਼ਾਂ ਸਿੱਖਣਗੇ।
ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਰੁਟੀਨ ਅਤੇ ਸੰਕਟ ਵਿੱਚ ਪ੍ਰਸ਼ਾਸਨ ਦੇ ਕੰਮਕਾਜ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੇ ਕੋਵਿਡ-19, ਹੜ੍ਹਾਂ ਆਦਿ ਦੌਰਾਨ 24 ਘੰਟੇ ਕੰਮ ਕੀਤਾ ਅਤੇ ਲੋਕਾਂ ਦੀ ਸੇਵਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਸਾਰਥਕ ਵਰਤੋਂ ਕਰਨ ਲਈ ਵੀ ਕਿਹਾ ਕਿਉਂਕਿ ਤਕਨੀਕ ਦੀ ਬਿਹਤਰ ਵਰਤੋਂ ਨਾਲ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ।
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਉੱਦਮ ਸਥਾਪਤ ਕਰਨ ਦੀ ਸਹੂਲਤ ਦੇਣ ਲਈ ਕੀਤੀਆਂ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਆਪਣੀ ਰੁਚੀ ਦੇ ਖੇਤਰਾਂ ਵਿੱਚ ਆਪਣੇ ਹੁਨਰ ਨੂੰ ਹੋਰ ਨਿਖਾਰਣ ਦਾ ਸੱਦਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਵਿਸ਼ਾ ਮਾਹਰਾਂ ਦੇ ਮਾਰਗਦਰਸ਼ਨ ਨਾਲ ਆਪਣੇ ਕਰੀਅਰ ਨੂੰ ਆਕਾਰ ਦੇਣ ਲਈ ਡੀ.ਬੀ.ਈ.ਈ. ਵਿਖੇ ਪਹੁੰਚ ਕਰਨ ਲਈ ਵੀ ਕਿਹਾ। ਵਿਦਿਆਰਥੀਆਂ ਵੱਲੋਂ ਜੀਵਨ ਵਿੱਚ ਉੱਤਮ ਮੁਕਾਮ ਹਾਸਲ ਕਰਨ ਦੇ ਰਾਹ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜਨੀਤੀ, ਖੇਡਾਂ, ਪ੍ਰਸ਼ਾਸਨ, ਸਿੱਖਿਆ ਆਦਿ ਵਰਗੇ ਕਿਸੇ ਵੀ ਖੇਤਰ ਵਿੱਚ ਜੀਵਨ ਵਿੱਚ ਸਕਾਰਾਤਮਕ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਹੀ ਇੱਕੋ ਇੱਕ ਰਸਤਾ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਵਿੱਚ ਬਦਲਾਅ ਲਿਆਉਣ ਅਤੇ ਨਸ਼ਿਆਂ ਸਮੇਤ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਲਈ ਵੀ ਕਿਹਾ।
ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਅਤੇ ਮੇਜਰ ਡਾ. ਅਮਿਤ ਮਹਾਜਨ ਨੇ ਵੀ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ ਕਿਉਂਕਿ ਖੇਡਾਂ ਉਨ੍ਹਾਂ ਨੂੰ ਅਸਫ਼ਲਤਾ ਨਾਲ ਨਜਿੱਠਣ ਲਈ ਮਜ਼ਬੂਤ ਬਣਾਉਂਦੀਆਂ ਹਨ, ਜੋ ਜ਼ਿੰਦਗੀ ਦਾ ਸਭ ਤੋਂ ਅਹਿਮ ਸਬਕ ਵੀ ਹੈ।
ਭਾਰਗੋ ਕੈਂਪ, ਆਦਮਪੁਰ, ਫਿਲੌਰ, ਬਾਜਵਾ ਕਲਾਂ, ਮਾਡਲ ਟਾਊਨ, ਮਕਸੂਦਾਂ, ਕਰਤਾਰਪੁਰ, ਨਕੋਦਰ ਅਤੇ ਲਾਡੋਵਾਲੀ ਰੋਡ ਸਥਿਤ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕਈ ਸਵਾਲ ਵੀ ਪੁੱਛੇ ਗਏ ਅਤੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਤੋਂ ਅਹਿਮ ਜਾਣਕਾਰੀ ਹਾਸਲ ਕੀਤੀ।