ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਟੈਂਕਰ ਆਪ੍ਰੇਟਰਾਂ ਨਾਲ ਮੀਟਿੰਗ
ਜਲੰਧਰ, 2 ਜਨਵਰੀ 2024-ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਲਗਾਤਾਰ ਯਤਨਾਂ ਸਦਕਾ ਤੇਲ ਟੈਂਕਰ ਆਪ੍ਰੇਟਰਾਂ ਨੇ ਅੱਜ (ਮੰਗਲਵਾਰ) ਸ਼ਾਮ ਆਪਣੀ ਹੜਤਾਲ ਖ਼ਤਮ ਕਰ ਦਿੱਤੀ, ਜਿਸ ਦੇ ਸਦਕਾ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਬਹਾਲ ਹੋ ਗਈ ਹੈ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ, ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਸੁੱਚੀਪਿੰਡ ਸਥਿਤ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਡਿਪੂ ਵਿਖੇ ਹੜਤਾਲੀ ਆਪ੍ਰੇਟਰਾਂ ਨਾਲ ਕਈ ਮੀਟਿੰਗਾਂ ਕੀਤੀਆਂ।
ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਅੱਗੇ ਉਠਾਇਆ ਜਾ ਰਿਹਾ ਹੈ ਅਤੇ ਜਲਦ ਤੋਂ ਜਲਦ ਢੁਕਵਾਂ ਹੱਲ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਨਿਯਮਿਤ ਕਰਨ ਲਈ ਬਹੁਤ ਚਿੰਤਤ ਹੈ। ਉਨ੍ਹਾਂ ਕਿਹਾ ਕਿ ਆਪ੍ਰੇਟਰ ਵੀ ਸਪਲਾਈ ਚੇਨ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ। ਉਪਰੰਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ, ਸੰਯੁਕਤ ਪੁਲਿਸ ਕਮਿਸ਼ਨਰ ਸੰਦੀਪ ਕੁਮਾਰ ਸ਼ਰਮਾ ਨੇ ਹੜਤਾਲੀ ਆਪ੍ਰੇਟਰਾਂ ਤੋਂ ਮੰਗ ਪੱਤਰ ਵੀ ਲਿਆ।