ਬਕਾਇਆ ਇੰਤਕਾਲਾਂ ਦੇ ਨਿਪਟਾਰੇ ਲਈ ਕਰਤਾਰਪੁਰ ’ਚ ਲਗਾਏ ਗਏ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ
ਕਰਤਾਰਪੁਰ/ਜਲੰਧਰ, 06 ਜਨਵਰੀ 2024-ਸੂਬਾ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੇਵਾਵਾਂ ਉਨਾਂ ਦੀਆਂ ਬਰੂਹਾਂ ’ਤੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਸੰਜੀਦਾ ਉਪਰਾਲੇ ਕੀਤਾ ਜਾ ਰਹੇ ਹਨ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਮਾਲ ਵਿਭਾਗ ਵਲੋਂ ਜ਼ਿਲ੍ਹਾ ਜਲੰਧਰ ਦੀਆਂ ਸਮੂਹ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਬਕਾਇਆ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਸਬ ਤਹਿਸੀਲ ਕਰਤਾਰਪੁਰ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਲੋਕਾਂ ਨਾਲ ਰੂਬਰੂ ਹੁੰਦਿਆਂ ਕੀਤਾ ਗਿਆ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਦੇ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹਾ ਜਲੰਧਰ ਦੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ਜਿਵੇਂ ਜਲੰਧਰ-1, ਜਲੰਧਰ-2, ਕਰਤਾਰਪੁਰ, ਭੋਗਪੁਰ, ਨਕੋਦਰ, ਸ਼ਾਹਕੋਟ, ਫਿਲੌਰ, ਨੂਰਮਹਿਲ, ਲੋਹੀਆਂ ਅਤੇ ਆਦਮਪੁਰ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਬਕਾਇਆ ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ 43 ਤਰ੍ਹਾਂ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਜਿਨ੍ਹਾਂ ਵਿੱਚ ਜਨਮ ਅਤੇ ਮੌਤ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਅਦਾਇਗੀ ਆਦਿ ਸਹੂਲਤਾਂ ਸ਼ਾਮਿਲ ਹਨ ਦਾ ਲਾਭ ਉਠਾਉਣ ਲਈ ਹੈਲਪਲਾਈਨ ਨੰਬਰ 1076 ਜਾਰੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਹੁਣ ਕੋਈ ਵੀ ਨਾਗਰਿਕ ਆਪਣੀ ਸਹੂਲਤ ਅਨੁਸਾਰ ਮਿਲਣ ਦਾ ਸਮਾਂ ਨਿਰਧਾਰਿਤ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਉਠਾ ਸਕਦਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਇਸ ਮੌਕੇ ਉਨ੍ਹਾਂ ਵਲੋਂ ਲੋਕਾਂ ਦੀ ਸਹੂਲਤ ਲਈ ਮਾਲ ਵਿਭਾਗ ਵਲੋਂ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਗਏ ਵਿਸ਼ੇਸ਼ ਕੈਂਪ ਲਈ ਕੀਤੇ ਗਏ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।