ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਮੌਜੂਦਗੀ ’ਚ ਪਰਵਿੰਦਰ ਕੌਰ ਨੇ ਐਨ.ਆਰ.ਆਈ. ਸਭਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਜਲੰਧਰ, 8 ਜਨਵਰੀ 2024-ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਐਨ.ਆਰ.ਆਈ. ਭਾਈਚਾਰੇ ਨੂੰ ਪੰਜਾਬ ਵਿੱਚ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਦੇ ਹੋਏ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ ।
ਕੈਬਨਿਟ ਮੰਤਰੀ ਐਨ.ਆਰ.ਆਈ. ਸਭਾ ਦੀ ਨਵਨਿਯੁਕਤ ਪ੍ਰਧਾਨ ਪਰਵਿੰਦਰ ਕੌਰ ਬੰਗਾ ਦੇ ਅਹੁਦਾ ਸੰਭਾਲਣ ਮੌਕੇ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਹਿਲਾਂ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਪ੍ਰਵਾਸੀ ਭਾਰਤੀਆਂ ਵੱਲੋਂ ਪ੍ਰਾਪਰਟੀ ਸਬੰਧੀ ਕੁੱਲ 610 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 595 ਦਾ ਸਰਕਾਰ ਵੱਲੋਂ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਕੁਝ ਅਦਾਲਤ ਵਿੱਚ ਮੁਕੱਦਮੇਬਾਜ਼ੀ ਕਾਰਨ ਲੰਬਿਤ ਹਨ।
ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਐਨ.ਆਰ.ਆਈ. ਭਾਈਚਾਰੇ ਦੇ ਮਸਲਿਆਂ ਨੂੰ ਥੋੜ੍ਹੇ ਸਮੇਂ ਵਿੱਚ ਹੱਲ ਕਰਨ ਲਈ ਚੁਸਤ-ਦਰੁੱਸਤ ਪ੍ਰਣਾਲੀ ਨੂੰ ਵਿਕਸਤ ਕਰਨ ‘ਤੇ ਕੰਮ ਕਰ ਰਹੀ ਹੈ ਤਾਂ ਜੋ ਪ੍ਰਵਾਸੀਆਂ ਨੂੰ ਆਪਣੇ ਮਸਲੇ ਸਰਕਾਰੀ ਪੱਧਰ ‘ਤੇ ਹੱਲ ਕਰਵਾਉਣ ਲਈ ਮੁਸ਼ਕਿਲ ਨਾ ਆਵੇ ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਪਠਾਨਕੋਟ ਜ਼ਿਲ੍ਹੇ ਵਿੱਚ ਇੱਕ ਹੋਰ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ ਸੂਬੇ ਭਰ ਦੇ ਪ੍ਰਵਾਸੀ ਭਾਰਤੀਆਂ ਨੂੰ ਆਪਣੇ ਸੁਝਾਅ ਅਤੇ ਫੀਡਬੈਕ ਦੇਣ ਲਈ ਸੱਦਾ ਦਿੱਤਾ ਜਾਵੇਗਾ।
ਪਰਵਿੰਦਰ ਕੌਰ ਨੇ ਅੱਜ ਇੱਥੇ ਐਨ.ਆਰ.ਆਈ.ਸਭਾ ਵਿਖੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਦੀ ਚੇਅਰਪਰਸਨ ਰਾਜਵਿੰਦਰ ਕੌਰ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿੱਚ ਐਨ.ਆਰ.ਆਈ. ਸਭਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ।