Breaking
Fri. Mar 28th, 2025

ਹੁਨਰ ਵਿਕਾਸ ਔਰਤਾਂ ਦੀ ਕਿਸਮਤ ਬਦਲ ਸਕਦਾ ਹੈ – ਸੁਸ਼ੀਲ ਕੁਮਾਰ ਰਿੰਕੂ

ਆਦਮਪੁਰ ਵਿੱਚ ਪਹਿਲ ਪ੍ਰੋਜੈਕਟ ਤਹਿਤ ਵਿਦਿਆਰਥੀਆਂ ਦੀਆਂ ਵਰਦੀਆਂ ਸਿਲਾਈ ਕਰਨ ਦਾ ਪ੍ਰੋਜੈਕਟ ਲਾਂਚ ਕੀਤਾ।

ਰਿੰਕੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 14000 ਔਰਤਾਂ ਸਵੈ-ਸਹਾਇਤਾ ਗਰੁੱਪਾਂ ਰਾਹੀਂ ਸਵੈ-ਨਿਰਭਰ ਬਣ ਰਹੀਆਂ ਹਨ।
ਜਲੰਧਰ 9 ਜਨਵਰੀ-2024-ਹੁਨਰ ਰਾਹੀਂ ਕੋਈ ਵੀ ਵਿਅਕਤੀ ਆਪਣੀ ਕਿਸਮਤ ਖੁਦ ਲਿਖ ਸਕਦਾ ਹੈ। ਇਸ ਲਈ ਵੱਧ ਤੋਂ ਵੱਧ ਲੋਕਾਂ ਖਾਸ ਕਰਕੇ ਔਰਤਾਂ ਨੂੰ ਸਵੈ-ਨਿਰਭਰ ਬਣਨ ਲਈ ਹੁਨਰ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਆਦਮਪੁਰ ਸਥਿਤ ਪਹਿਲ ਆਜੀਵਿਕਾ ਹੌਜ਼ਰੀ ਦੇ ਕਲੱਸਟਰ ਪੱਧਰੀ ਫੈਡਰੇਸ਼ਨ ਵਿੱਚ ਕੰਮ ਕਰਦੀਆਂ ਔਰਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸੰਸਦ ਮੈਂਬਰ ਨੇ ਇੱਥੇ ਪਹਿਲ ਪ੍ਰਾਜੈਕਟ ਤਹਿਤ ਇਸ ਕਲੱਸਟਰ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 10,000 ਵਰਦੀਆਂ ਸਿਲਾਈ ਕਰਨ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਤਹਿਤ ਆਦਮਪੁਰ ਵਿੱਚ ਇਹ ਸੈਂਟਰ ਖੋਲ੍ਹਿਆ ਗਿਆ ਹੈ, ਜਿੱਥੇ ਗ੍ਰਾਮ ਪੰਚਾਇਤ ਵੱਲੋਂ ਜ਼ਮੀਨ ਮੁਹੱਈਆ ਕਰਵਾਈ ਗਈ ਸੀ ਅਤੇ ਪੰਜਾਬ ਸਰਕਾਰ ਵੱਲੋਂ ਮਸ਼ੀਨਰੀ ਆਦਿ ਲਈ ਫੰਡ ਜਾਰੀ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਇਸ ਕੇਂਦਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 10,000 ਵਰਦੀਆਂ ਤਿਆਰ ਕਰਨ ਦਾ ਪ੍ਰਾਜੈਕਟ ਹਾਸਲ ਕੀਤਾ ਗਿਆ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇੱਥੋਂ ਦੀਆਂ ਸਾਰੀਆਂ ਔਰਤਾਂ ਆਪਣੀ ਮਿਹਨਤ ਅਤੇ ਲਗਨ ਨਾਲ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਨਗੀਆਂ ਅਤੇ ਅਗਲੀ ਵਾਰ ਹੋਰ ਵੀ ਵੱਡਾ ਪ੍ਰੋਜੈਕਟ ਲੈ ਕੇ ਆਉਣਗੀਆਂ।

ਐਮਪੀ ਰਿੰਕੂ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ 1400 ਦੇ ਕਰੀਬ ਸਵੈ-ਸਹਾਇਤਾ ਗਰੁੱਪ ਚੱਲ ਰਹੇ ਹਨ, ਜਿਨ੍ਹਾਂ ਰਾਹੀਂ 14000 ਤੋਂ ਵੱਧ ਔਰਤਾਂ ਸਵੈ-ਨਿਰਭਰ ਬਣਨ ਲਈ ਲਗਾਤਾਰ ਮਿਹਨਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਔਰਤਾਂ ਨੂੰ ਹੁਨਰਮੰਦ ਬਣਾਉਣ ਲਈ ਕਈ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ, ਇਸ ਲਈ ਉਨ੍ਹਾਂ ਨੂੰ ਅੱਗੇ ਵੱਧ ਕੇ ਇਨ੍ਹਾਂ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਉਠਾਉਣਾ ਚਾਹੀਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਸੀ.ਈ.ਓ ਜ਼ਿਲ੍ਹਾ ਪ੍ਰੀਸ਼ਦ ਜੀਨਤ ਖਹਿਰਾ, ‘ਆਪ’ ਆਗੂ ਜੀਤ ਲਾਲ ਭੱਟੀ ਤੋਂ ਇਲਾਵਾ ਹੋਰ ਕਈ ਅਧਿਕਾਰੀ ਹਾਜ਼ਰ ਸਨ।

By admin

Related Post

Leave a Reply

Your email address will not be published. Required fields are marked *