ਡਿਪਟੀ ਕਮਿਸ਼ਨਰ ਵਲੋਂ ਫਿਲੌਰ ਦੇ ਪਿੰਡਾਂ ਵਿੱਚ ਕਿਸਾਨਾਂ ਨਾਲ ਮੁਲਾਕਾਤ, ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਣ ਨੂੰ ਖ਼ਤਮ ਕਰਨ ਲਈ ਸਹਿਯੋਗ ਦੀ ਮੰਗ
ਫਿਲੌਰ /ਜਲੰਧਰ, 15 ਜਨਵਰੀ 2024-ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਉਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ 17.13 ਲੱਖ ਰੁਪਏ ਦੀ ਮਾਲੀ ਸਹਾਇਤਾ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 150 ਕਿਸਾਨਾਂ ਵਲੋਂ ਸਿੱਧੀ ਬਿਜਾਈ ਤਕਨੀਕੀ ਨੂੰ ਅਪਣਾਇਆ ਗਿਆ ਹੈ ਜਿਸ ਤਹਿਤ 1142 ਏਕੜ ਜਮੀਨ ਵਿੱਚ ਸਿੱਧੀ ਬਿਜਾਈ ਦੀ ਪਹਿਚਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਮਾਲੀ ਸਹਾਇਤਾ ਲਈ 17,13000 ਰੁਪਏ ਜਾਰੀ ਕੀਤੀ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਿੱਧੀ ਬਿਜਾਈ ਤਕਨੀਕੀ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਖ-ਵੱਖ ਪਿੰਡਾਂ ਜਿਵੇਂ ਘੁੜਕਾ, ਮਹਿਸਮਪੁਰ, ਗੁਰਾਇਆ, ਮਓ ਸਾਹਿਬ , ਜੱਗੋ ਸੰਘਾ , ਸਿਧਮ ਮੁਤਸੱਦੀ ਅਤੇ ਨੂਰਮਹਿਲ ਸ਼ਹਿਰ ਦੇ ਕਿਸਾਨਾਂ ਨੂੰ ਮਿਲੇ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਸਹਿਯੋਗ ਦੀ ਮੰਗ ਕੀਤੀ।
ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਦੇ ਵੱਡੇ ਸਰੋਤ ਪ੍ਰਦੂਸ਼ਿਤ ਹੁੰਦੇ ਹਨ ਜਿਸ ਕਰਕੇ ਮਿੱਟੀ ਅਤੇ ਹਵਾ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧ ਇਨ-ਸਿਟੂ ਅਤੇ ਐਕਸ-ਸਿਟੂ ਤਕਨੀਕਾਂ ਰਾਹੀਂ ਕਰਨਾ ਚਾਹੀਦਾ ਹੈ।
ਕਿਸਾਨਾਂ ਵਲੋਂ ਸਹਿਕਾਰੀ ਸੁਸਾਇਟੀਆਂ ਨੂੰ ਜ਼ਿਆਦਾ ਬੇਲਰ ਦੇਣ ’ਤੇ ਮੰਗ ’ਤੇ ਡਿਪਟੀ ਕਮਿਸ਼ਨਰ ਨੇ ਭਰੋਸਾ ਦੁਆਇਆ ਕਿ ਉਨਾਂ ਵਲੋਂ ਇਹ ਮੁੱਦਾ ਸੂਬਾ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਅਤੇ ਵਾਤਾਵਰਣ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਤਕਨੀਕੀ ਨੂੰ ਅਪਣਾਉਣਾ ਚਾਹੀਦਾ ਹੈ।