ਵਿਸ਼ੇਸ਼ ਸਾਰੰਗਲ ਵਲੋਂ ਫਿਲੌਰ, ਗੁਰਾਇਆ, ਨੂਰਮਹਿਲ ਅਤੇ ਨਕੋਦਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ
ਜਲੰਧਰ, 15 ਜਨਵਰੀ 2024-ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਲਈ ਹਰੇਕ ਯੋਗ ਵਿਅਕਤੀ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਦੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਅੱਜ ਸੋਮਵਾਰ ਨੂੰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਜ਼ਿਲ੍ਹੇ ਦੇ ਸਾਰੇ ਗੁਰਦੁਆਰਿਆਂ ਵਿੱਚ 17 ਜਨਵਰੀ ਨੂੰ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਵਿੱਚ ਯੋਗ ਵੋਟਰਾਂ ਨੂੰ ਵੋਟ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਗਿਆ।
ਡਿਪਟੀ ਕਮਿਸ਼ਨਰ ਵਲੋਂ ਪਿੰਡ ਘੁੜਕਾ, ਗੁਰਾਇਆ, ਮਹਿਸਮਪੁਰ, ਮਾਊ ਸਾਹਿਬ, ਤਲਵਣ, ਜੱਗੂ ਸੰਘਾ, ਸਿੱਧਮ ਮੁਤਸਦੀ, ਲਿੱਤਰਾਂ, ਨਕੋਦਰ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਪੰਚਾਇਤਾਂ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ 17 ਜਨਵਰੀ ਨੂੰ ਗੁਰਦੁਆਰਿਆਂ ਵਿੱਚ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
ਉਨ੍ਹਾਂ ਕਿਹਾ ਕਿ 17 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਅਤੇ ਇਸ ਦਿਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਗੁਰਦੁਆਰਿਆਂ ਵਿੱਚ ਪਟਵਾਰੀ ਮੌਜੂਦ ਰਹਿ ਕੇ ਵੋਟ ਬਣਾਉਣ ਸਬੰਧੀ ਫਾਰਮ ਇਕੱਠੇ ਕਰਨਗੇ। ਉਨ੍ਹਾਂ ਕਿਹਾ ਕਿ ਪਟਵਾਰੀਆਂ ਵਲੋਂ ਹਰੇਕ ਵਿਅਕਤੀ ਵਲੋਂ ਵੱਖਰੇ ਤੌਰ ’ਤੇ ਫਾਰਮ ਲਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਵਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਫਾਰਮ ਇਕੋ ਸਮੇਂ ਵੱਡੀ ਗਿਣਤੀ ਵਿੱਚ ਨਾ ਲਏ ਜਾਣ। ਉਨ੍ਹਾਂ ਕਿਹਾ ਕਿ ਹਰੇਕ ਸ਼ਰਧਾਲੂ ਨੂੰ ਫਾਰਮ ਉਪਲਬੱਧ ਕਰਵਾਏ ਜਾਣਗੇ ਅਤੇ ਇਹ ਫਾਰਮ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ jalandhar.nic.in. ਤੋਂ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ.ਚੋਣਾਂ ਲਈ ਵੋਟ ਬਣਾਉਣ ਲਈ ਵਿਅਕਤੀ ਕੇਸਧਾਰੀ ਸਿੱਖ ਹੋਣਾ ਚਾਹੀਦਾ ਹੈ ਅਤੇ ਜੋ ਦਾੜੀ ਨੂੰ ਸੇਵ ਜਾਂ ਕੱਟਦੇ ਹਨ , ਬੀੜੀ/ਸਿਗਰੇਟ, ਸ਼ਰਾਬ ਪੀਂਦੇ ਹਨ ਵੋਟ ਨਹੀਂ ਬਣਾ ਸਕਣਗੇ।