ਉੱਚ ਅਧਿਕਾਰੀਆਂ ਨੂੰ ਵਿਅਕਤੀਗਤ ਤੌਰ ‘ਤੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਦੀ ਨਿਗਰਾਨੀ ਕਰਨ ਲਈ ਕਿਹਾ
ਉਪ ਮੰਡਲ ਮੈਜਿਸਟ੍ਰੇਟਾਂ ਅਤੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ
ਜਲੰਧਰ, 19 ਜਨਵਰੀ, 2024-ਲੋਕਾਂ ਦੀਆਂ ਮੁਸ਼ਕਲਾਂ ਦੇ ਸਮਾਂਬੱਧ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮਜ਼ ਅਤੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਿਤ ਸਮੇਂ ਦੇ ਅੰਦਰ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਵੱਧ ਤੋਂ ਵੱਧ ਸੰਤੁਸ਼ਟੀ ਲਈ ਨੋਡਲ ਅਫ਼ਸਰ ਅਤੇ ਸਮਰਪਿਤ ਟੀਮ ਨਿਯੁਕਤ ਕਰਕੇ ਹਰ ਮੁੱਦੇ ਜਾਂ ਸ਼ਿਕਾਇਤ ਦਾ ਹੱਲ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਪ੍ਰਕਿਰਿਆ ਵਿੱਚ ਲੋਕਾਂ ਦੀ ਭਾਗੀਦਾਰੀ ਸੇਵਾਵਾਂ ਨੂੰ ਵਧੇਰੇ ਜਵਾਬਦੇਹ ਅਤੇ ਪਾਰਦਰਸ਼ੀ ਬਣਾਏਗੀ।
ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੂੰ ਵੱਡਾ ਕਦਮ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਉੱਚ ਅਧਿਕਾਰੀਆਂ ਖਾਸ ਤੌਰ ‘ਤੇ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਹਰੇਕ ਪਿੰਡ ਤੱਕ ਪਹੁੰਚ ਕਰਨ ਲਈ ਕਿਹਾ ਤਾਂ ਜੋ ਸਮੂਹ ਯੋਗ ਬਿਨੈਕਾਰ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੇ ਸਮਰੱਥ ਹੋ ਸਕਣ। ਇਸ ਤੋਂ ਇਲਾਵਾ ਵਿਭਾਗਾਂ ਦੇ ਮੁਖੀਆਂ ਨੂੰ ਜ਼ਮੀਨੀ ਪੱਧਰ ‘ਤੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਦੀ ਵਿਅਕਤੀਗਤ ਤੌਰ ‘ਤੇ ਨਿਗਰਾਨੀ ਕਰਨ ਲਈ ਵੀ ਕਿਹਾ ਗਿਆ।
ਇਸ ਮੌਕੇ ਐਸ.ਡੀ.ਐਮਜ਼ ਬਲਬੀਰ ਰਾਜ ਸਿੰਘ ਤੇ ਡਾ. ਜੈ ਇੰਦਰ ਸਿੰਘ ਆਦਿ ਵੀ ਮੌਜੂਦ ਸਨ।