ਸੰਗਰੂਰ ਜ਼ਿਲਾ ਅਦਾਲਤ ਤੋਂ ਮਿਲੀ ਵੱਡੀ ਰਾਹਤ
ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਤੋਂ ਮਿਲੀ ਵੱਡੀ ਰਾਹਤ, ਅਦਾਲਤ ਨੇ ਉਨ੍ਹਾਂ ਨੂੰ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ਵਿੱਚ ਹੋਈ ਦੋ ਸਾਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਅਜਿਹੇ ਵਿੱਚ ਸਾਫ ਹੋ ਗਿਆ ਹੈ ਕਿ ਹੁਣ ਕੈਬਨਿਟ ਮੰਤਰੀ ਅਮਨ ਅਰੋੜਾ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾ ਸਕਣਗੇ।
ਜਿਕਰਯੋਗ ਹੈ ਕਿ ਮੰਤਰੀ ਅਮਨ ਅਰੋੜਾ ਨਾਲ ਜੁੜੇ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਹੋਈ। ਅਦਾਲਤ ਵਿੱਚ ਸਵੇਰੇ 10 ਵਜੇ ਤੋਂ ਲਗਾਤਾਰ ਸ਼ਾਮ 7 ਵਜੇ ਤੱਕ ਸੁਣਵਾਈ ਚੱਲਦੀ ਰਹੀ। ਹਾਲਾਂਕਿ ਸ਼ਾਮ ਹੋਣ ਦੇ ਚੱਲਦਿਆਂ ਅਦਾਲਤ ਨੇ ਫੈਸਲਾ ਰਿਜ਼ਰਵ ਰੱਖ ਲਿਆ ਸੀ। ਨਾਲ ਹੀ ਕਿਹਾ ਸੀ ਕਿ ਵੀਰਵਾਰ ਨੂੰ ਇਸਦਾ ਫੈਸਲਾ ਸੁਣਾਇਆ ਜਾਵੇਗਾ।
ਜਿਕਰਯੋਗ ਹੈ ਕਿ 2008 ਵਿੱਚ ਅਮਨ ਅਰੋੜਾ ਦਾ ਆਪਣੇ ਜੀਜਾ ਨਾਲ ਪਰਿਵਾਰਕ ਝਗੜਾ ਹੋ ਗਿਆ ਸੀ। ਅਰੋੜਾ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਦਾ ਫੈਸਲਾ 15 ਸਾਲ ਬਾਅਦ ਆਇਆ । ਜਿਸ ਵਿੱਚ ਸੁਨਾਮ ਦੀ ਅਦਾਲਤ ਨੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ।