ਕੈਬਨਿਟ ਮੰਤਰੀ ਨੇ 24 ਫਰਵਰੀ ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਜਲੰਧਰ, 5 ਫਰਵਰੀ 2024-ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 24 ਫਰਵਰੀ ਨੂੰ ਵੱਡੇ ਪੱਧਰ ਤੇ ਮਨਾਇਆ ਜਾਵੇਗਾ।
ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਨੂੰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਕਮਿਸ਼ਨਰ ਨਗਰ ਨਿਗਮ ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਅਮਰਜੀਤ ਬੈਂਸ ਮੰਤਰੀ ਵੀ ਮੌਜੂਦ ਸਨ, ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ।
ਮੰਤਰੀ ਨੇ ਇਹ ਵੀ ਕਿਹਾ ਕਿ ਅਧਿਕਾਰੀਆਂ ਵੱਲੋਂ ਸਮੁੱਚੇ ਲੋੜੀਂਦੇ ਪ੍ਰਬੰਧ ਤਰਜੀਹ ਦੇ ਆਧਾਰ ’ਤੇ ਯਕੀਨੀ ਬਣਾਏ ਜਾਣ। ਉਨ੍ਹਾਂ ਹਰੇਕ ਸਬੰਧਤ ਅਧਿਕਾਰੀ ਨੂੰ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਸਟਾਫ਼ ਵੱਲੋਂ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ, ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਇਸ ਮਹੱਤਵਪੂਰਣ ਦਿਵਸ ਨੂੰ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਫਲਸਫਾ ਅੱਜ ਵੀ ਮਨੁੱਖਤਾ ਨੂੰ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਲਈ ਸੇਧ ਦਿੰਦਾ ਹੈ। ਉਨ੍ਹਾਂ ਨਗਰ ਨਿਗਮ ਜਲੰਧਰ ਨੂੰ ਸ਼ਹਿਰ ਵਿੱਚ ਖਾਸ ਕਰਕੇ ਇਸ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਦੀ ਸਾਫ-ਸਫਾਈ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।