ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਵਿਸਥਾਰਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼
ਜਲੰਧਰ, 5 ਫਰਵਰੀ 2024- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਨੂਰਮਹਿਲ ਸੀਵਰੇਜ ਦੇ ਮੁੱਦੇ ‘ਤੇ ਸਬ-ਕਮੇਟੀ ਦੀ ਡ੍ਰਾਫ਼ਟ ਰਿਪੋਰਟ ਦੀ ਸਮੀਖਿਆ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਵਿਸਥਾਰਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।
ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵੱਲੋਂ ਨੂਰਮਹਿਲ ਵਿੱਚ ਸੀਵਰੇਜ ਸਿਸਟਮ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦੇ ਕੰਮਕਾਜ ਦੇ ਮੁੱਦੇ ‘ਤੇ ਸਾਂਝਾ ਸਰਵੇਖਣ ਕਰਨ ਲਈ ਇੱਕ ਸਬ-ਕਮੇਟੀ ਦਾ ਗਠਨ ਕੀਤਾ ਗਿਆ ਸੀ।
ਹਦਾਇਤਾਂ ਦੀ ਪਾਲਣਾ ਕਰਦਿਆਂ ਸਬ-ਕਮੇਟੀ ਨੇ ਇਸ ਮੁੱਦੇ ‘ਤੇ ਸਾਂਝਾ ਸਰਵੇਖਣ ਕਰਕੇ ਇਸ ਸਬੰਧੀ ਰਿਪੋਰਟ ਤਿਆਰ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਬ-ਕਮੇਟੀ ਦੇ ਮੈਂਬਰਾਂ ਵੱਲੋਂ ਰਿਪੋਰਟ ਦੀ ਸਮੀਖਿਆ ਕੀਤੀ ਗਈ ਹੈ ਅਤੇ ਸਬ ਕਮੇਟੀ ਨੂੰ ਰਿਪੋਰਟ ਨਿਰਧਾਰਤ ਸਮੇਂ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਸ ਨੂੰ ਅੱਗੇ ਅਨੁਮਾਨ ਕਮੇਟੀ ਪਾਸ ਸਮੇਂ ਸਿਰ ਪੇਸ਼ ਕੀਤਾ ਜਾ ਸਕੇ।
ਮੀਟਿੰਗ ਵਿੱਚ ਸੀ.ਏ. ਗਲਾਡਾ ਸੰਦੀਪ ਰਿਸ਼ੀ, ਕਾਰਜਕਾਰੀ ਇੰਜਨੀਅਰ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਜਤਿਨ ਵਾਸੂਦੇਵਾ, ਐਸ.ਡੀ.ਓ. ਸੰਦੀਪ ਸ਼ਰਮਾ, ਜਨ ਸਿਹਤ ਵਿਭਾਗ ਤੋਂ ਯਾਦਵਿੰਦਰ ਸਿੰਘ ਆਦਿ ਵੀ ਮੌਜੂਦ ਸਨ।