ਕਿਹਾ ਪੰਜਾਬ ਸਰਕਾਰ ਦਾ ਉਪਰਾਲਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ’ਚ ਮੀਲ ਪੱਥਰ ਸਾਬਤ ਹੋਵੇਗਾ
ਨਕੋਦਰ (ਜਲੰਧਰ), 6 ਫਰਵਰੀ 2024-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਮੰਗਲਵਾਰ ਨੂੰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪਹਿਲਕਦਮੀ ਤਹਿਤ ਸ਼ਹਿਰ ਦੇ ਵਾਰਡ ਨੰ. 1, ਪਿੰਡ ਤਲਵੰਡੀ ਸਲੇਮ ਤੇ ਗਿੱਲ ਸਮੇਤ ਹੋਰਨਾਂ ਪਿੰਡਾਂ ਵਿੱਚ ਲਾਏ ਗਏ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਦਿਆਂ ਕੀਤਾ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਰਚੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਦਰ ਤੱਕ ਪਹੁੰਚ ਕੀਤੀ ਜਾ ਰਹੀ ਹੈ।
ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਇਹ ਉਪਰਾਲਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਇਕੋ ਛੱਤ ਥੱਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸੇਵਾਵਾਂ ਦਾ ਲਾਭ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ।
ਉਨ੍ਹਾਂ ਮੌਕੇ ’ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪਾਂ ਸਬੰਧੀ ਉਨ੍ਹਾਂ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਨੇ ਇਸ ਗੱਲ ’ਤੇ ਖੁਸ਼ੀ ਜ਼ਾਹਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਸਲਾਹੁਣ ਦੇ ਨਾਲ-ਨਾਲ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਇਨ੍ਹਾਂ ਕੈਂਪਾਂ ਰਾਹੀਂ ਲੋਕ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਦੀਆਂ ਸੇਵਾਵਾਂ ਲੈ ਸਕਦੇ ਹਨ ।
ਇਸ ਮੌਕੇ ਐਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਅੱਜ ਸਬ ਡਵੀਜ਼ਨ ਦੇ ਪਿੰਡ ਲੋਹਗੜ੍ਹ, ਮੰਡਿਆਲਾ, ਤਲਵੰਡੀ ਸਲੇਮ, ਗਿੱਲ ਅਤੇ ਨਕੋਦਰ ਸ਼ਹਿਰ ਦੇ ਵਾਰਡ ਨੰ. 1 ਵਿੱਚ ਵਿਸ਼ੇਸ਼ ਕੈਂਪ ਲਾ ਕੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਤੋਂ ਇਲਾਵਾ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਵੀ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਸਬ-ਡਵੀਜ਼ਨ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ’ਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।