ਜਲੰਧਰ, 8 ਫਰਵਰੀ 2024-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਵੀਰਵਾਰ ਨੂੰ ਮਾਡਲ ਕਰੀਅਰ ਸੈਂਟਰ ਦੇ ਸਹਿਯੋਗ ਨਾਲ ਕਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਬਾਬਾ ਅਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ, ਗੁਰਾਇਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਸੈਮੀਨਾਰ ਦੌਰਾਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ।
ਡਿਪਟੀ ਸੀ.ਈ.ਓ., ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨਵਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਬਿਊਰੋ ਵਿਖੇ ਵਿਜ਼ਿਟ ਕਰਕੇ ਇਥੇ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
ਇਸ ਮੌਕੇ ਨੈਸ਼ਨਲ ਕੈਰੀਅਰ ਸਰਵਿਸ ਦੇ ਐਸ.ਆਰ.ਈ.ਓ. ਸੰਦੀਪ ਕੁਮਾਰ, ਕਰੀਅਰ ਕਾਊਂਸਲਰ ਡੀ.ਬੀ.ਈ.ਈ. ਹਰਮਨਦੀਪ ਸਿੰਘ ਅਤੇ ਮਾਡਲ ਕਰੀਅਰ ਸੈਂਟਰ ਤੋਂ ਸ਼ਾਹ ਫੈਜ਼ਲ ਨੇ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ, ਹੁਨਰ ਵਿਕਾਸ ਕੋਰਸਾਂ, ਸਟਾਰਟਆਪ ਆਈਡੀਏ ਬਾਰੇ ਪ੍ਰੇਰਿਤ ਕੀਤਾ ਤਾਂ ਜੋ ਵਿਦਿਆਰਥੀ ਭਵਿੱਖ ਵਿੱਚ ਆਪਣੀ ਰੁਚੀ ਮੁਤਾਬਕ ਕਿੱਤੇ ਦੀ ਚੋਣ ਕਰਕੇ ਆਤਮ ਨਿਰਭਰ ਬਣ ਸਕਣ।
ਵਿਦਿਆਰਥੀਆਂ ਨੇ ਸੈਮੀਨਾਰ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਮਾਹਰਾਂ ਪਾਸੋਂ ਕਰੀਅਰ ਸਬੰਧੀ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਉਨ੍ਹਾਂ ਨੂੰ ਢੁੱਕਵੇਂ ਜਵਾਬ ਦਿੱਤੇ ਗਏ। ਇਸ ਮੌਕੇ ਅਧਿਆਪਕਾ ਜੋਤੀ ਕੌਸ਼ਲ ਵੀ ਮੌਜੂਦ ਸਨ।