ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਿਤ
ਸੁਰੱਖਿਆ , ਆਵਾਜਾਈ ਆਦਿ ਪ੍ਰਬੰਧਾਂ ਦਾ ਜਾਇਜ਼ਾ
ਜਲੰਧਰ, 13 ਫਰਵਰੀ 2024-ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ 18 ਫਰਵਰੀ ਨੂੰ ਨਕੋਦਰ ਵਿਖੇ ਵਿਕਾਸ ਕੰਮਾਂ ਦੇ ਲੋਕ ਅਰਪਣ ਸਬੰਧੀ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ।

ਇਸ ਸਬੰਧੀ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵੱਖ-ਵੱਖ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਦੌਰੇ ਸਬੰਧੀ ਲੋੜੀਂਦੀਆਂ ਤਿਆਰੀਆਂ ਅਤੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਡਿਊਟੀਆਂ ਨਿਰਧਾਰਿਤ ਕਰਦਿਆਂ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਸਾਰੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ।
ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਕਮੇਟੀਆਂ ਜਿਵੇਂ ਕਿ ਵੈਨਿਯੂ ਕਮੇਟੀ , ਸੁਰੱਖਿਆ ਕਮੇਟੀ , ਵਿੱਤ ਕਮੇਟੀ ਆਦਿ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ ।
ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਸ੍ਰੀ ਸਾਰੰਗਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਲੋੜੀਂਦੀ ਪੁਲਿਸ ਫੋਰਸ ਦੀ ਤਾਇਨਾਤੀ, ਟ੍ਰੈਫਿਕ ਵਿਵਸਥਾ, ਢੁੱਕਵੀਂ ਪਾਰਕਿੰਗ ਲਈ ਸਾਰੇ ਜ਼ਰੂਰੀ ਇੰਤਜ਼ਾਮ ਸਮੇਂ ਸਿਰ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿਚ ਲੋਕਾਂ ਦੇ ਭਾਗ ਲੈਣ ਦੀ ਸੰਭਾਵਨਾ ਹੈ , ਜਿਸ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ।
ਉਨਾਂ ਕਿਹਾ ਕਿ ਸਮਾਗਮ ਵਾਲੇ ਸਥਾਨ ਅਤੇ ਆਲੇ-ਦੁਆਲੇ ਦੀ ਸਫਾਈ, ਲੋਕਾਂ ਦੇ ਬੈਠਣ ਲਈ ਇੰਤਜ਼ਾਮ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ, ਮੈਡੀਕਲ ਟੀਮਾਂ ਦੀ ਤਾਇਨਾਤੀ ਆਦਿ ਸਮੇਤ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਮੁੱਚੇ ਇੰਤਜ਼ਾਮ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ।
ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ , ਵਧੀਕ ਡਿਪਟੀ ਕਮਿਸ਼ਨਰ ਡਾ. ਅਮਿਤ ਮਹਾਜਨ , ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਸਬੀਰ ਸਿੰਘ , ਵਧੀਕ ਕਮਿਸ਼ਨਰ ਨਗਰ ਨਿਗਮ ਅਮਰਜੀਤ ਸਿੰਘ ਤੇ ਸਮੂਹ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ ।