ਜਲੰਧਰ, 13 ਫਰਵਰੀ2024- ਵਿਦਿਆਰਥੀਆਂ ਨੂੰ ਭਾਰਤੀ ਫੌਜ ਵਿੱਚ ਅਗਨੀਵੀਰ ਭਰਤੀ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸੀ.ਟੀ. ਇੰਸਟੀਚਿਊਟ ਸ਼ਾਹਪੁਰ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਕਰਨਲ ਜੈਵੀਰ ਸਿੰਘ, ਡਾਇਰੈਕਟਰ ਭਰਤੀ, ਏ.ਆਰ.ੳ., ਜਲੰਧਰ ਕੈਂਟ ਅਤੇ ਮੇਜਰ ਡਾ. ਨਰੇਸ਼ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਸੈਮੀਨਾਰ ਦੌਰਾਨ ਕਰਨਲ ਜੈਵੀਰ ਸਿੰਘ ਅਤੇ ਮੇਜਰ ਡਾ. ਨਰੇਸ਼ ਨੇ ਵਿਦਿਆਰਥੀਆਂ ਨੂੰ ਭਾਰਤੀ ਫੌਜ ਵਿੱਚ ਅਗਨੀਵੀਰ ਭਰਤੀ ਸਬੰਧੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਨਾਲ-ਨਾਲ ਹੋਰ ਜ਼ਰੂਰੀ ਹਦਾਇਤਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ। ਕਰਨਲ ਜੈਵੀਰ ਸਿੰਘ ਨੇ ਦੱਸਿਆ ਕਿ ਅਗਨੀਵੀਰ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 22-03-2024 ਤੱਕ www.joinindianarmy.nic.in ਪੋਰਟਲ ’ਤੇ ਅਪਲਾਈ ਕਰ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਗੁਰਮੇਲ ਸਿੰਘ ਅਤੇ ਡਿਪਟੀ ਸੀ.ਈ.ਓ. ਨਵਦੀਪ ਸਿੰਘ ਨੇ ਸੈਮੀਨਾਰ ਦੌਰਾਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਵੀ ਦਿੱਤਾ।
ਵਿਦਿਆਰਥੀਆਂ ਵੱਲੋਂ ਸੈਮੀਨਾਰ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਭਾਰਤੀ ਫੌਜ ਵਿੱਚ ਅਗਨੀਵੀਰ ਭਰਤੀ ਸਬੰਧੀ ਸਵਾਲ ਵੀ ਪੁੱਛੇ ਗਏ, ਜਿਨ੍ਹਾਂ ਦੇ ਉਨ੍ਹਾਂ ਨੂੰ ਮਾਹਰਾਂ ਵੱਲੋਂ ਢੁੱਕਵੇਂ ਜਵਾਬ ਦਿੱਤੇ ਗਏ।
ਇਸ ਮੌਕੇ ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਵੀਰ ਸਿੰਘ ਵੀ ਮੌਜੂਦ ਸਨ।