ਕੈਬਨਿਟ ਮੰਤਰੀ ਵੱਲੋਂ ਦਾਖ਼ਲਾ ਜਾਗਰੂਕਤਾ ਵੈਨ ਰਵਾਨਾ
ਜਲੰਧਰ, 15 ਫ਼ਰਵਰੀ 2024-ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ‘ਦਾਖਲ਼ਾ ਮੁਹਿੰਮ-2024’ ਤਹਿਤ ਅੱਜ ਤੀਜੇ ਅਤੇ ਆਖ਼ਰੀ ਦਿਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਵੱਲੋਂ ਦਾਖ਼ਲਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਾਖ਼ਲੇ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਮੋਬਾਇਲ ਵੈਨ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਬਿਹਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਅਤੇ ਅਤਿ ਆਧੁਨਿਕ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਖੇਤਰ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਰਿਹਾ ਹੈ ਅਤੇ ਸੂਬੇ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰ ਨੇ ਕ੍ਰਾਂਤੀਕਾਰੀ ਫੈਸਲੇ ਲਏ ਹਨ।
ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜਿਥੇ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ ਉਥੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਗਿਆ। ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਲਈ ਸਰਕਾਰ ਨਿਰੰਤਰ ਸੰਜੀਦਾ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਵੀ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ।
ਉਨ੍ਹਾਂ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਸਕੂਲਾਂ ਵਿੱਚ ਹੋਏ ਸੁਧਾਰਾਂ ਅਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਦਿਆਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਵੀ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਹਰਜਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਇਲਾਕਿਆਂ ਵਿੱਚ ਸਿੱਖਿਆ ਵਿਭਾਗ ਵੱਲੋਂ ਜਾਗਰੂਕਤਾ ਵੈਨ ਰਾਹੀਂ ਦਾਖ਼ਲਾ ਮੁਹਿੰਮ ਦੇ ਪ੍ਰਚਾਰ-ਪ੍ਰਸਾਰ ਅਤੇ ਲੋਕ ਜਾਗਰੂਕਤਾ ਪੈਦਾ ਕਰਨ ਲਈ ਤਿੰਨ ਦਿਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਅਤੇ ਅੱਜ ਦਾਖ਼ਲਾ ਜਾਗਰੂਕਤਾ ਵੈਨ ਵੱਲੋਂ 7 ਐਜੂਕੇਸ਼ਨ ਬਲਾਕਾਂ ਦੇ ਇਲਾਕਿਆਂ ਵਿੱਚ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਉੱਪ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਨੀਸ਼ ਸ਼ਰਮਾ, ‘ਪੜ੍ਹੋ ਪੰਜਾਬ’ ਦੇ ਜ਼ਿਲ੍ਹਾ ਕੋਆਰਡੀਨੇਟਰ ਵਰਿੰਦਰਵੀਰ ਸਿੰਘ, ਪ੍ਰਿੰ. ਰਾਜੀਵ ਹਾਂਡਾ, ਬੀ.ਪੀ.ਈ.ਓ. ਬਾਲਕਿਸ਼ਨ ਮਹਿਮੀ, ਪ੍ਰਦੀਪ ਪ੍ਰਿਤਪਾਲ ਸਿੰਘ, ਚਰਨਜੀਤ ਸਿੰਘ, ਸੰਦੀਪ ਸਿੱਧੂ, ਪੰਕਜ ਕੁਮਾਰ, ਅਮਨਦੀਪ, ਹਰਜੀਤ ਸਿੰਘ ਅਤੇ ਨਵੀਨ ਕੁਮਾਰ ਵੀ ਮੌਜੂਦ ਸਨ।