ਪੀ.ਐਮ.ਏ.ਜੀ. ਯੋਜਨਾ ਤਹਿਤ ਜ਼ਿਲ੍ਹੇ ਦੇ 11 ਪਿੰਡਾਂ ’ਚ ਕਰਵਾਏ ਜਾਣੇ ਹਨ ਵਿਕਾਸ ਕਾਰਜ
ਜਲੰਧਰ, 20 ਫਰਵਰੀ 2024-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਬੀਰ ਸਿੰਘ ਨੇ ਅੱਜ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਜ਼ਿਲ੍ਹੇ ਦੇ ਚੁਣੇ ਗਏ 11 ਪਿੰਡਾਂ ਸਬੰਧੀ ਜਲਦ ਤੋਂ ਜਲਦ ‘ਵਿਲੇਜ ਡਿਵੈਲਪਮੈਂਟ ਪਲਾਨ’ ਤਿਆਰ ਕਰਕੇ ਭੇਜਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਨ੍ਹਾਂ ਪਿੰਡਾਂ ਨੂੰ ਸਕੀਮ ਤਹਿਤ ਕਵਰ ਕੀਤਾ ਜਾ ਸਕੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਦੇ 11 ਪਿੰਡ ਚੁਣੇ ਗਏ ਹਨ, ਜਿਨ੍ਹਾਂ ਵਿੱਚ ਸੋਲਰ ਲਾਈਟਾਂ ਲਾਉਣ, ਆਂਗਣਵਾੜੀ ਸੈਂਟਰ, ਡਿਸਪੈਂਸਰੀ, ਅਪਰੋਚ ਰੋਡ ਬਣਾਉਣ ਸਬੰਧੀ ਕੰਮ ਕਰਵਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਹੋਣ ਵਾਲੇ ਕੰਮਾਂ/ਪ੍ਰਾਜੈਕਟਾਂ ਸਬੰਧੀ ਐਸਟੀਮੇਟ ਸਮੇਤ ਮਤੇ ਜਲਦ ਭੇਜਣ ਲਈ ਕਿਹਾ ਤਾਂ ਜੋ ਵਿਕਾਸ ਕਾਰਜਾਂ ਲਈ ਰਾਸ਼ੀ ਜਾਰੀ ਕੀਤੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਮੁੱਖ ਮੰਤਵ ਅਨੁਸੂਚਿਤ ਜਾਤੀ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ ਪਿੰਡਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੀ ਐਸ.ਸੀ. ਆਬਾਦੀ 50 ਫੀਸਦੀ ਤੋਂ ਜ਼ਿਆਦਾ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਪ੍ਰਾਪਤ ਹੋਣ ਵਾਲੀ ਰਾਸ਼ੀ ਸਕੀਮ ਦੇ ਨਿਯਮਾਂ ਅਨੁਸਾਰ ਖਰਚ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜਵੰਦ ਪਰਿਵਾਰਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਆਪਸੀ ਤਾਲਮੇਲ ਨਾਲ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਾਤ ਅਫ਼ਸਰ ਸੰਜੀਵ ਕੁਮਾਰ ਮੰਨਣ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜ਼ੀਨਤ ਖਹਿਰਾ, ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਆਦਿ ਵੀ ਮੌਜੂਦ ਸਨ।