ਪ੍ਰਕਾਸ਼ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਹੋਏ ਨਤਮਸਤਕ
ਜਲੰਧਰ, 24 ਫਰਵਰੀ 2024-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਸ੍ਰੀ ਗੁਰੂ ਰਵਿਦਾਸ ਭਵਨ, ਅਰਬਨ ਅਸਟੇਟ ਫੇਜ਼-2 ਵਿਖੇ ਨਤਮਸਤਕ ਹੁੰਦਿਆਂ ਜ਼ਿਲ੍ਹਾ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਡਿਪਟੀ ਕਮਿਸ਼ਨਰ ਨਾਲ ਉਨਾਂ ਦੇ ਪਿਤਾ ਸ੍ਰੀ ਜੇ ਆਰ ਸਾਰੰਗਲ ਵੀ ਸਨ ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰੂ ਜੀ ਦਾ ਸਮੁੱਚਾ ਜੀਵਨ ਪ੍ਰੇਰਨਾ ਸਰੋਤ ਹੈ, ਜਿਸ ਤੋਂ ਸੇਧ ਲੈ ਕੇ ਅਸੀਂ ਆਪਣੇ ਅਤੇ ਹੋਰਨਾਂ ਲਈ ਜ਼ਿੰਦਗੀ ਵਿੱਚ ਅੱਗੇ ਵਧਣ ਦੇ ਰਾਹ ਖੋਲ੍ਹ ਸਕਦੇ ਹਾਂ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਗੁਰੂ ਅਤੇ ਗਰੀਬ, ਕਮਜ਼ੋਰ ਤੇ ਬੇਸਹਾਰਾ ਵਰਗਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਮੁੱਚੀ ਮਨੁੱਖਤਾ ਦੀ ਭਲਾਈ, ਹਰ ਵਰਗ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਹੈ।
ਉਨ੍ਹਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਬਰਾਬਰੀ ਵਾਲੇ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦਾ ਸੱਦਾ ਵੀ ਦਿੱਤਾ। ਉਪਰੰਤ ਪ੍ਰਬੰਧਕਾਂ ਵੱਲੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਸਨਮਾਨ ਕੀਤਾ ਗਿਆ।