Breaking
Thu. Mar 27th, 2025

ਡਿਪਟੀ ਕਮਿਸ਼ਨਰ ਵੱਲੋਂ ਨਵਜੰਮੇ ਲਾਵਾਰਿਸ ਬੱਚਿਆਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਉਨ੍ਹਾਂ ਨੂੰ ਪੰਘੂੜੇ ’ਚ ਪਾਉਣ ਦੀ ਅਪੀਲ

ਕਿਹਾ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਬਾਲ ਘਰਾਂ ’ਚ ਕੋਚਿੰਗ ਕਲਾਸਾਂ ਕੀਤੀਆਂ ਜਾਣਗੀਆਂ ਸ਼ੁਰੂ

ਅਧਿਕਾਰੀਆਂ ਨੂੰ ਵੱਖ-ਵੱਖ ਕਾਨੂੰਨਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਸਕੂਲਾਂ ’ਚ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਵੀ ਨਿਰਦੇਸ਼

ਜਲੰਧਰ, 29 ਫਰਵਰੀ 2024-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅਜਿਹੇ ਮਾਪਿਆਂ, ਜੋ ਬੱਚਿਆਂ ਦਾ ਪਾਲਣ-ਪੋਸ਼ਣ ਕਰਨ ਤੋਂ ਅਸਮਰੱਥ ਹਨ, ਨੂੰ ਬੱਚਿਆਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ‘ਪੰਘੂੜਾ’ ਸਕੀਮ ਦਾ ਸਹਾਰਾ ਲੈਣ ਦੀ ਅਪੀਲ ਕੀਤੀ।
ਉਹ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਬਾਲ ਭਲਾਈ ਅਤੇ ਸੁਰੱਖਿਆ ਕਮੇਟੀ (ਡੀ.ਸੀ.ਪੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਉਨ੍ਹਾਂ ਨੇ ‘ਪੰਘੂੜਾ’ ਸਕੀਮ ਨੂੰ ਜ਼ਿਲ੍ਹੇ ਵਿੱਚ ਲਾਵਾਰਿਸ ਬੱਚਿਆਂ ਖਾਸ ਕਰਕੇ ਬੱਚੀਆਂ ਲਈ ਸੁਰੱਖਿਅਤ ਪਨਾਹਗਾਹ ਕਰਾਰ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵਿਲੱਖਣ ਸਕੀਮ ਗੈਰ-ਕਾਨੂੰਨੀ ਲਿੰਗ ਚੋਣ ਅਤੇ ਨਵਜੰਮੇ ਬੱਚਿਆਂ ਨੂੰ ਕੂੜੇ ਜਾਂ ਸੜਕਾਂ ਕਿਨਾਰੇ ਸੁੱਟਣ ’ਤੇ ਰੋਕ ਲਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਕੀਮ ਇਸ ਸਮੇਂ ਨਾਰੀ ਨਿਕੇਤਨ ਅਤੇ ਭਾਈ ਘਨੱਈਆ ਜੀ ਚੈਰੀਟੇਬਲ ਟਰੱਸਟ (ਯੂਨੀਕ ਹੋਮ) ਸਮੇਤ ਦੋ ਥਾਵਾਂ ’ਤੇ ਚੱਲ ਰਹੀ ਹੈ। ਸ੍ਰੀ ਸਾਰੰਗਲ ਨੇ ਕਿਹਾ ਕਿ ਅਣਚਾਹੇ ਬੱਚਿਆਂ ਨੂੰ ਇਨ੍ਹਾਂ ਥਾਵਾਂ ਦੇ ਬਾਹਰ ਪੰਘੂੜੇ ਵਿੱਚ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਦੇ ਮਾਪੇ ਜਾਂ ਤਾਂ ਬੱਚੇ ਨਹੀਂ ਚਾਹੁੰਦੇ ਜਾਂ ਇਨ੍ਹਾਂ ਦੀ ਪਰਵਰਿਸ਼ ਕਰਨ ਤੋਂ ਅਸਮਰੱਥ ਹੁੰਦੇ ਹਨ, ਇਸ ਲਈ ਬੱਚਿਆਂ ਨੂੰ ਏਧਰ-ਉਧਰ ਸੁੱਟ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਪੰਘੂੜਾ ਸਕੀਮ ਅਜਿਹੀਆਂ ਘਟਨਾਵਾਂ ਨੂੰ ਕਾਫੀ ਹੱਦ ਤੱਕ ਕਾਬੂ ਕਰਨ ਵਿੱਚ ਕਾਮਯਾਬ ਰਹੀ ਹੈ ਅਤੇ ਇਸ ਸਕੀਮ ਅਧੀਨ ਪਾਲਣ ਪੋਸ਼ਣ ਪ੍ਰਾਪਤ ਕਰਨ ਵਾਲੇ ਬੱਚੇ ਵਧੀਆ ਜੀਵਨ ਬਤੀਤ ਕਰ ਸਕਦੇ ਹਨ ਕਿਉਂਕਿ ਕਈ ਖੁਸ਼ਹਾਲ ਪਰਿਵਾਰਾਂ ਨੇ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਪੂਰੀ ਕਰਨ ਉਪਰੰਤ ਗੋਦ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਉਨ੍ਹਾਂ ਮਾਪਿਆਂ ਲਈ ਵਧੀਆ ਸਹਾਰੇ ਦੀ ਤਰ੍ਹਾਂ ਹੈ, ਜੋ ਆਪਣੇ ਬੱਚਿਆਂ ਨੂੰ ਪਾਲਣ ਵਿੱਚ ਅਸਮਰੱਥ ਹਨ।
ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੂੰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਲਈ ਕੋਚਿੰਗ ਕਲਾਸਾਂ ਸ਼ੁਰੂ ਕਰਨ ਦੀ ਹਦਾਇਤ ਦਿੱਤੀ ਤਾਂ ਜੋ ਉਨ੍ਹਾਂ ਨੂੰ ਬਾਲ ਘਰਾਂ ਵਿੱਚ ਵਧੀਆ ਵਿੱਦਿਅਕ ਸਹੂਲਤਾਂ ਮਿਲ ਸਕਣ।ਇਹ ਕੋਚਿੰਗ ਕਲਾਸਾਂ ਜ਼ਿਲ੍ਹੇ ਦੇ ਸਾਰੇ 7 ਬਾਲ ਘਰਾਂ ਵਿੱਚ ਲਗਾਈਆਂ ਜਾਣਗੀਆਂ, ਜਿਸ ਦੇ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇਗੀ।
ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਜੁਵੇਨਾਈਲ ਜਸਟਿਸ ਐਕਟ, ਪੋਕਸੋ ਐਕਟ, ਬਾਲ ਮਜ਼ਦੂਰੀ ਐਕਟ, ਬਾਲ ਵਿਆਹ ਸੁਰੱਖਿਆ ਐਕਟ ਆਦਿ ਬਾਰੇ ਬੱਚਿਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕਰਨ ਲਈ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕਰਨ ਦੇ ਵੀ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ ਮੰਗਣ ਤੋਂ ਹਟਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤਰਜੀਹ ਦੇਣ ਦੀ ਤਾਕੀਦ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਬਾਲ ਘਰਾਂ ਵਿੱਚ ਯੋਗਾ, ਖੇਡ ਸਮਾਗਮ, ਆਰਟ ਐਂਡ ਕ੍ਰਾਫਟ ਤੋਂ ਇਲਾਵਾ ਵੱਖ-ਵੱਖ ਗਤੀਵਿਧੀਆਂ ਦਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਨ੍ਹਾਂ ਦੇ ਬਚਪਨ ਦੀ ਰਾਖੀ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਡੀ.ਪੀ.ਓ. ਮਨਜਿੰਦਰ ਸਿੰਘ, ਡੀ.ਸੀ.ਪੀ.ਓ. ਅਜੈ ਭਾਰਤੀ, ਸੀ.ਡਬਲਿਊ.ਸੀ. ਦੇ ਮੈਂਬਰ ਬਲਦੇਵ ਸਿੰਘ, ਸਹਾਇਕ ਕਿਰਤ ਕਮਿਸ਼ਨਰ ਪ੍ਰਦੀਪ ਕੁਮਾਰ, ਐਲ.ਪੀ.ਓ. ਸੰਦੀਪ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

By admin

Related Post

Leave a Reply

Your email address will not be published. Required fields are marked *