ਜਲੰਧਰ, 7 ਮਾਰਚ 2024- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 9 ਮਾਰਚ ਨੂੰ ਜੁਡੀਸ਼ੀਅਲ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਥੇ ਲੰਬਿਤ ਦੀਵਾਨੀ, ਵਿਵਾਹਿਕ ਝਗੜੇ, ਮੋਟਰ ਦੁਰਘਟਨਾ ਕਲੇਮ ਕੇਸ, ਬਿਜਲੀ ਕਾਨੂੰਨ ਦੇ ਕੰਪਾਂਊਂਡੇਬਲ, ਟ੍ਰੈਫਿਕ ਚਲਾਨ ਤੇ ਫੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ ਅਤੇ ਹੋਰ ਸੰਸਥਾਵਾ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਭਾਰਤ ਸੰਚਾਰ ਨਿਗਮ ਅਤੇ ਵਿਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਸੁਣਵਾਈ ਕੀਤੀ ਜਾਵੇਗੀ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਿਰਭਉ ਸਿੰਘ ਗਿੱਲ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮਕਸਦ ਲੋਕਾਂ ਨੂੰ ਜਲਦੀ ਅਤੇ ਸਸਤਾ ਨਿਆਂ ਦੁਆਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਫੈਸਲੇ ਖਿਲਾਫ਼ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਫੈਸਲੇ ਕਰਵਾਉਣ ਨਾਲ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਪਣੇ ਅਦਾਲਤੀ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦੇ ਹਨ, ਉਹ ਆਪਣੀ ਦਰਖਾਸਤ ਸੰਬੰਧਤ ਅਦਾਲਤ ਨੂੰ ਦੇ ਸਕਦੇ ਹਨ।
ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਸਮੇਂ ਸਮੇਂ ’ਤੇ ਇਹ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਹਨ ਤਾਂ ਜੋ ਆਪਸੀ ਗੱਲਬਾਤ ਰਾਹੀਂ ਸਮਝੌਤਾ ਹੋ ਕੇ ਸੁਚੱਜੇ ਹੱਲ ਰਾਹੀਂ ਝਗੜੇ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਲਈ, ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੀੜਤ ਮੁਆਵਜ਼ਾ ਸਕੀਮਾਂ ਬਾਰੇ ਜਾਣਕਾਰੀ ਲੈਣ ਲਈ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਨੰਬਰ 1968 ’ਤੇ ਰਾਬਤਾ ਕੀਤਾ ਜਾ ਸਕਦਾ ਹੈ।
ਜਲੰਧਰ ’ਚ ਕੌਮੀ ਲੋਕ ਅਦਾਲਤ ਸ਼ਨੀਵਾਰ ਨੂੰ
