Breaking
Fri. Mar 28th, 2025

ਆਦਰਸ਼ ਚੋਣ ਜਾਬਤੇ ਨੂੰ ਇੰਨ -ਬਿੰਨ ਲਾਗੂ ਕੀਤਾ ਜਾਵੇ-ਜ਼ਿਲ੍ਹਾ ਚੋਣ ਅਫ਼ਸਰ ਵਲੋਂ ਅਧਿਕਾਰੀਆਂ ਨੂੰ ਹਦਾਇਤਾਂ

ਸਰਕਾਰੀ ਜਾਇਦਾਦਾਂ ’ਤੇ ਰਾਜਨੀਤਿਕ ਇਸ਼ਤਿਹਾਰਬਾਜ਼ੀ ਨੂੰ 24 ਘੰਟਿਆਂ ’ਚ ਉਤਾਰਨ ਦੇ ਆਦੇਸ਼ ਜਾਰੀ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ, 16 ਲੱਖ ਤੋਂ ਵੱਧ ਵੋਟਰਾਂ ਵਲੋਂ ਕੀਤਾ ਜਾਵੇਗਾ ਮਤਦਾਨ ਦੇ ਅਧਿਕਾਰ ਦਾ ਇਸਤੇਮਾਲ

70 ਫੀਸਦੀ ਤੋਂ ਵੱਧ ਵੋਟ ਪ੍ਰਤੀਸ਼ਤ ਲਈ ਸਵੀਪ ਗਤੀਵਿਧੀਆਂ ’ਤੇ ਦਿੱਤੀ ਜਾਵੇਗੀ ਵਿਸ਼ੇਸ਼ ਤਵੱਜੋਂ

ਜਲੰਧਰ, 16 ਮਾਰਚ 2024-ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਸਬੰਧੀ ਸਮਾਂ ਸਾਰਨੀ ਜਾਰੀ ਕਰਨ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਦੀ ਚੋਣ ਲਈ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ ।

ਜਲੰਧਰ ਲੋਕ ਸਭਾ ਹਲਕੇ ਲਈ 16 ਲੱਖ ਤੋਂ ਵੱਧ ਵੋਟਰਾਂ ਵਲੋਂ 1951 ਪੋਲਿੰਗ ਬੂਥਾਂ ’ਤੇ ਆਪਣੇ ਵੋਟ ਦੇ ਅਧਿਕਾਰ ਦੀ 1 ਜੂਨ 2024 ਨੂੰ ਕੀਤੀ ਜਾਵੇਗੀ ਜਦਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਸਾਰੇ ਨੋਡਲ ਅਫ਼ਸਰਾਂ ਨਾਲ ਵਿਸਥਾਰ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਵਿੱਚ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ।

ਉਨ੍ਹਾਂ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ/ਨੋਡਲ ਅਫ਼ਸਰਾਂ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨੂੰ ਕਿਹਾ ਕਿ ਜ਼ਿਲ੍ਹਾ ਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਬਣਾਈਆਂ ਗਈਆਂ ਸਾਰੀਆਂ ਟੀਮਾਂ ਜਿਵੇਂ ਆਦਰਸ਼ ਚੋਣ ਜਾਬਤਾ, ਚੋਣ ਖ਼ਰਚਾ ਨਿਗਰਾਨ, ਨਕਦੀ ਦੇ ਲੈਣ-ਦੇਣ, ਪੇਡ ਨਿਊਜ ਦੀ ਨਜ਼ਰਸਾਨੀ ਲਈ ਐਮ.ਸੀ.ਐਮ.ਸੀ. ਅਤੇ ਸ਼ਿਕਾਇਤ ਨਿਵਾਰਣ ਕਮੇਟੀਆਂ ਨੂੰ ਤੁਰੰਤ ਕਾਰਜਸ਼ੀਲ ਕਰ ਦਿੱਤਾ ਜਾਵੇ।

ਉਨ੍ਹਾਂ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਜਿਨਾਂ ਨੂੰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਨੂੰ ਕਿਹਾ ਕਿ ਰਾਜਨੀਤਿਕ ਪਾਰਟੀਆਂ ਵਲੋਂ ਹੋਰਡਿੰਗਜ਼/ਯੂਨੀਪੋਲਜ਼/ਬੈਨਰਾਂ ਆਦਿ ਰਾਹੀਂ ਕੀਤੀ ਗਈ ਇਸ਼ਤਿਹਾਰਬਾਜੀ ਨੂੰ 24 ਘੰਟਿਆਂ ਦੇ ਵਿੱਚ-ਵਿੱਚ ਤੁਰੰਤ ਹਟਵਾ ਦਿੱਤਾ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਵਲੋਂ ਚੋਣਾਂ ਦੇ ਐਲਾਨ ਤੋਂ ਤੁਰੰਤ ਬਾਅਦ 24 ਘੰਟਿਆਂ ਵਿੱਚ ਸਰਕਾਰੀ ਜਾਇਦਾਦਾਂ ਤੋਂ ਸਰੀਆਂ ਵਾਲ ਪੇਂਟਿੰਗਾਂ, ਪੋਸਟਰ/ਪੇਪਰਜ ਜਾਂ ਹੋਰ ਜਿਵੇਂ ਕਟਆਊਟ/ਹੋਰਡਿੰਗਜ਼/ਬੈਨਰ/ਫਲੈਗਜ਼ ਆਦਿ ਉਤਰਵਾ ਦਿੱਤੇ ਜਾਣ। ਉਨ੍ਹਾਂ ਦੱਸਿਆ ਕਿ ਡੀਫੇਸਮੈਂਟ ਸਬੰਧੀ ਸੀ-ਵਿਜ਼ਲ ਜਾਂ ਹੋਰ ਤਰੀਕੇ ਨਾਲ ਸ਼ਿਕਾਇਤ ਪ੍ਰਾਪਤ ਹੋਣ ਤੋਂ ਬਾਅਦ ਇਸ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।

ਵੋਟਿੰਗ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੀ ਭਾਗੀਦਾਰੀ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ੍ਰੀ ਸਾਰੰਗਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਕਮਿਸ਼ਨ ਵਲੋਂ 70 ਫੀਸਦੀ ਵੋਟਿੰਗ ਦੇ ਨਿਸ਼ਚਿਤ ਕੀਤੇ ਗਏ ਟੀਚੇ ਨੂੰ ਹਾਸਿਲ ਕਰਨ ਲਈ ਸਵੀਪ ਪ੍ਰੋਗਰਾਮ ਤਹਿਤ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਵਾਧਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਵੱਖ-ਵੱਖ ਕੀਤੇ ਜਾਣ ਵਾਲੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ 18 ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਅਤੇ ਉਨਾਂ ਨੂੰ ਆਪਣੀ ਡਿਊਟੀ ਮਿਹਨਤ ਅਤੇ ਲਗਨ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜ਼ਿਲ੍ਹਾ ਵਾਸੀਆਂ ਨੂੰ ਲੋਕ ਸਭਾ ਚੋਣਾਂ ਵਿੱਚ ਵੱਡੇ ਪੱਧਰ ’ਤੇ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਹ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਹੈ ਅਤੇ ਇਸ ਵਿੱਚ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਸਭਾ ਚੋਣਾਂ ਨੂੰ ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਸਿੱਖਿਅਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਅਮਰਜੀਤ ਬੈਂਸ, ਵਧੀਕ ਡਿਪਟੀ ਕਮਿਸ਼ਨਰ ਲਖਵਿੰਦਰ ਸਿੰਘ ਅਤੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਨੋਡਲ ਅਫ਼ਸਰ ਹਾਜ਼ਰ ਸਨ।

By admin

Related Post

Leave a Reply

Your email address will not be published. Required fields are marked *