ਪ੍ਰਸ਼ਾਸਨ ਵਲੋਂ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਇਆ ਜਾਗਰੂਕਤਾ ਅàਭਿਆਨ
ਜਲੰਧਰ, 19 ਮਾਰਚ 2024+ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨ ਵੋਟਰਾਂ ਨੂੰ ਅਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ ਲਈ ਸਵੀਪ ਪ੍ਰੋਗਰਾਮ ਤਹਿਤ ਵੱਡੇ ਪੱਧਰ ’ਤੇ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ।
ਸੀ.ਟੀ.ਇੰਸਟੀਚਿਊਟ ਸ਼ਾਹਪੁਰ ਵਿਖੇ ਕਰਵਾਏ ਗਏ ਜਾਗਰੂਕਤਾ ਅਭਿਆਨ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਵਿੱਚ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਸਬੰਧੀ ਜਾਗਰੂਕਤਾ ਫੈਲਾਉਣ ਲਈ ਬਹੁਮੰਤਵੀ ਰਣਨੀਤੀ ਅਪਣਾਈ ਗਈ ਹੈ ਤਾਂ ਕਿ ਵੋਟਾਂ ਵਾਲੇ ਦਿਨ ਪਹਿਲੀ ਜੂਨ 2024 ਨੂੰ ਵੱਧ ਤੋਂ ਵੱਧ ਵੋਟ ਫੀਸਦੀ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਭ ਤੋਂ ਵੱਧ ਵੋਟ ਫੀਸਦੀ ਦੇ ਮਾਮਲੇ ਵਿੱਚ ਜ਼ਿਲ੍ਹਾ ਜਲੰਧਰ ਨੂੰ ਮੋਹਰੀ ਜ਼ਿਲ੍ਹਾ ਬਣਾਉਣ ਲਈ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਆਪਣੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੀ 70 ਫੀਸਦੀ ਤੋਂ ਵੱਧ ਵੋਟ ਫੀਸਦੀ ਦੇ ਟੀਚੇ ਨੂੰ ਹਾਸਿਲ ਕਰਨ ਲਈ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਮਿਸ਼ਨ ਨੌਜਵਾਨ ਵੋਟਰਾਂ ਦੀ ਸਰਗਰਮ ਭੂਮਿਕਾ ਨਾਲ ਹੀ ਸੰਭਵ ਹੋ ਸਕਦਾ ਹੈ।
ਇਸ ਮੌਕੇ ਵਿਦਿਆਰਥੀਆਂ ਨੂੰ ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨਾਂ ਚਲਾਉਣ ਸਬੰਧੀ ਸਿਖਲਾਈ ਵੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਸਿਖਲਾਈ ਨੌਜਵਾਨ ਵੋਟਰਾਂ ਨੂੰ ਚੋਣਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਉਨ੍ਹਾਂ ਨੇ ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਰਕਾਰੀ ਸੰਸਥਾਵਾਂ ਅਤੇ ਵਿਦਿਅਕ ਸੰਸਥਾਵਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਵਲੋਂ ਵੋਟ ਦੇ ਅਧਿਕਾਰ ਦੀ ਸਹੀ ਢੰਗ ਨਾਲ ਵਰਤੋਂ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਅਭਿਆਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਜਾਗਰੂਕਤਾ ਅਭਿਆਨ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਪਹਿਲਾਂ ਉਨਾ ਵਲੋਂ ਨੌਜਵਾਨਾਂ ਨੂੰ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਹੁੰ ਵੀ ਚੁਕਾਈ ਗਈ।