ਲੋਕ ਸਭਾ ਚੋਣਾਂ-2024
ਜਲੰਧਰ, 11 ਅਪ੍ਰੈਲ 2024-ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਇਸ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਪਿਛਲੀਆਂ ਦੌਰਾਨ ਘੱਟ ਪੋਲਿੰਗ ਵਾਲੇ ਖੇਤਰਾਂ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋਂ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦੇ ਹੋਏ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਸਵੀਪ ਟੀਮਾਂ ਵੱਲੋਂ ਅੱਜ ਪਿੰਡ ਕੁਰਾਲੀ, ਬਡਾਲਾ ਅਤੇ ਧੀਰਪੁਰ ਦੇ ਘੱਟ ਪੋਲਿੰਗ ਵਾਲੇ ਖੇਤਰਾਂ ਦਾ ਦੌਰਾ ਕਰਕੇ ਲੋਕਾਂ ਨੂੰ ਚੋਣਾਂ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ।
ਸਵੀਪ ਨੋਡਲ ਅਫ਼ਸਰ ਹਲਕਾ ਕਰਤਾਰਪੁਰ ਡਾ. ਰਣਜੋਧ ਸਿੰਘ ਨੇ ਦੱਸਿਆ ਕਿ ਹਲਕੇ ਦੇ ਅਜਿਹੇ ਖੇਤਰਾਂ, ਜਿਥੇ ਪਿਛਲੀਆਂ ਚੋਣਾਂ ਦੌਰਾਨ ਪੋਲਿੰਗ ਘੱਟ ਹੋਈ ਸੀ, ਵਿਖੇ ਜਾ ਕੇ ਲੋਕਾਂ ਨੂੰ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਗਤੀਵਿਧੀ ਤਹਿਤ ਟੀਮਾਂ ਵੱਲੋਂ ਪਿੰਡ ਬੱਲ, ਬੁੱਟਰਾਂ, ਵਡਾਲਾ ਅਤੇ ਚਿੱਟੀ ਦੇ ਘੱਟ ਪੋਲਿੰਗ ਵਾਲੇ ਖੇਤਰਾਂ ਵਿਚ ਵੀ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।
ਇਸ ਮੌਕੇ ਹਰਬੰਸ ਲਾਲ ਅਤੇ ਸਵੀਪ ਟੀਮ ਦੇ ਹੋਰ ਮੈਂਬਰ ਵੀ ਮੌਜੂਦ ਸਨ।