ਕਿਹਾ ਫ਼ਸਲ ਦੀ ਖ਼ਰੀਦ ਲਈ ਜ਼ਿਲ੍ਹੇ ’ਚ ਸਮੁੱਚੇ ਪ੍ਰਬੰਧ ਮੁਕੰਮਲ
ਕਿਸਾਨਾਂ ਨੂੰ ਮੰਡੀਆਂ ’ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਅਗਰਵਾਲ
ਕਿਸਾਨਾਂ ਨੂੰ ਮੰਡੀਆਂ ’ਚ ਸੁੱਕੀ ਫ਼ਸਲ ਹੀ ਲੈ ਕੇ ਆਉਣ ਦੀ ਕੀਤੀ ਅਪੀਲ
ਭੋਗਪੁਰ /ਜਲੰਧਰ, 12 ਅਪ੍ਰੈਲ 2024-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਭੋਗਪੁਰ ਦੀ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਹਾੜੀ ਮੰਡੀਕਰਨ ਸੀਜ਼ਨ 2024 ਦੌਰਾਨ ਕਣਕ ਦੀ ਫ਼ਸਲ ਦੀ ਖ਼ਰੀਦ ਲਈ ਜ਼ਿਲ੍ਹੇ ਵਿੱਚ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਣਸ ਦੀ ਵਿਕਰੀ ’ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਪਹਿਲੀ ਢੇਰੀ ਖਰੀਦ ਏਜੰਸੀ ਵੱਲੋਂ ਕਿਸਾਨਾਂ ਸੰਤੋਖ ਸਿੰਘ ਤੇ ਪਰਮਜੀਤ ਸਿੰਘ ਪਿੰਡ ਤਲਵੰਡੀ ਭੀਲਾਂ ਦੀ ਖ਼ਰੀਦੀ ਗਈ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ 5.18 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਨਿਰਧਾਰਿਤ ਕੀਤਾ ਹੈ, ਜਿਸ ਦੇ ਲਈ ਜ਼ਿਲ੍ਹੇ ਵਿੱਚ 106 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 80 ਰੈਗੂਲਰ ਮੰਡੀਆਂ ਅਤੇ 26 ਆਰਜੀ ਖ਼ਰੀਦ ਕੇਂਦਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਨੂੰ ਅਲਾਟ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ, ਸਾਫ਼-ਸਫਾਈ, ਪਖਾਨੇ ਆਦਿ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਲੇਬਰ, ਲੋਂੜੀਂਦਾ ਬਾਰਦਾਨਾ, ਢੋਆ-ਢੁਆਈ ਆਦਿ ਦੇ ਬੰਦੋਬਸਤ ਵੀ ਯਕੀਨੀ ਬਣਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2275 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ ਅਤੇ ਖ਼ਰੀਦ ਉਪਰੰਤ ਫ਼ਸਲ ਦੀ ਨਾਲੋ-ਨਾਲ ਚੁਕਾਈ ਅਤੇ ਮਿੱਥੇ ਸਮੇਂ ਅੰਦਰ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ, ਜਿਸ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਚਲਾਉਂਦਿਆਂ ਕਿਸਾਨਾਂ ਦੇ ਦਾਣੇ-ਦਾਣੇ ਦੀ ਖ਼ਰੀਦ ਯਕੀਨੀ ਬਣਾਈ ਜਾਵੇਗੀ।
ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲੈ ਕੇ ਆਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਨਮੀ ਦੀ ਨਿਰਧਾਰਤ ਸੀਮਾ ਅਨੁਸਾਰ ਹੀ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਦੀ ਵਿਕਰੀ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।
ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਅਫ਼ਸਰ ਨਰਿੰਦਰ ਸਿੰਘ ਆਦਿ ਵੀ ਮੌਜੂਦ ਸਨ।