‘ਸਕਸ਼ਮ ਐਪ’ ਰਾਹੀਂ ਵੀਲ੍ਹ ਚੇਅਰ, ਘਰ ਤੋਂ ਪਲਿੰਗ ਬੂਥ ਤੱਕ ਆਉਣ-ਜਾਣ ਅਤੇ ਵਲੰਟੀਅਰ ਦੀ ਸਹੂਲਤ ਦਾ ਕੋਡ ਸਕੈਨ ਕਰਕੇ ਲਿਆ ਜਾ ਸਕਦੈ ਲਾਭ
ਸਵੀਪ ਗਤੀਵਿਧੀਆਂ ਤਹਿਤ ‘ਸਕਸ਼ਮ ਐਪ’ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੀਆਂ ਹਦਾਇਤਾਂ
ਜਲੰਧਰ, 3 ਮਈ 2024-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨਜ ਦੀ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨਜ ਨੂੰ ਲੋਕ ਸਭਾ ਚੋਣਾਂ ਦੌਰਾਨ ‘ਸਕਸ਼ਮ ਐਪ’ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਐਪ ਦੀ ਵਰਤੋਂ ਕਰਕੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨਜ ਘਰ ਬੈਠੇ ਹੀ ਕੋਡ ਸਕੈਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਾਂ ਵਾਲੇ ਦਿਨ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਨ।
ਵੋਟਾਂ ਵਾਲੇ ਦਿਨ ਆਪਣੀ ਸਹੂਲਤ ਲਈ ਵੀਲ੍ਹ ਚੇਅਰ, ਘਰ ਤੋਂ ਪੋਲਿੰਗ ਬੂਥ ਤੱਕ ਆਉਣ-ਜਾਣ ਦੀ ਸਹੂਲਤ ਅਤੇ ਵਲੰਟੀਅਰ ਦੀ ਮੰਗ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਐਪ ਗੂਗਲ ਪਲੇਅ ਸਟੋਰ ਅਤੇ ਐਪ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਦੌਰਾਨ ਇਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪਾਬੰਦ ਹੈ।
ਉਨ੍ਹਾਂ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਵੀਪ ਪ੍ਰੋਗਰਾਮ ਤਹਿਤ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਵੋਟਰ ਜਾਗਰੂਕਤਾ ਗਤੀਵਿਧੀਆਂ ਤਹਿਤ ਦਿਵਿਆਂਗ ਵਿਅਕਤੀਆਂ ਅਤੇ ਸੀਨੀਅਰ ਸਿਟੀਜ਼ਨ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਅਤੇ ‘ਸਕਸ਼ਮ ਐਪ’ ਬਾਰੇ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਕੇ ਲੋਕਤੰਤਰ ਦੀ ਹੋਰ ਮਜ਼ਬੂਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਵੱਡਾਮੁੱਲਾ ਯੋਗਦਾਨ ਪਾ ਸਕਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਵੀਲ੍ਹ ਚੇਅਰਜ, ਰੈਂਪ ਆਦਿ ਦੇ ਪੁਖ਼ਤਾ ਇੰਤਜ਼ਾਮ ਕਰਨ ਦੀ ਹਦਾਇਤ ਵੀ ਕੀਤੀ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।