ਜਲੰਧਰ, 13 ਮਈ 2024-ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਲਈ ਲੋਕ ਸਭਾ ਦੀਆਂ ਆਮ ਚੋਣਾਂ ਲਈ ਸੋਮਵਾਰ ਨੂੰ 10 ਨਾਮਜ਼ਦਗੀਆਂ ਦਾਖ਼ਲ ਹੋਈਆਂ।
ਅੱਜ ਸ਼ਿਵ ਸੈਨਾ ਵਲੋਂ ਪਰਮਜੀਤ ਕੌਰ ਤੇਜੀ, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕਰੇਟਿਕ) ਵੱਲੋਂ ਰਾਜ ਕੁਮਾਰ, ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸਿਸਟ) ਵੱਲੋਂ ਪ੍ਰਸ਼ੋਤਮ ਲਾਲ, ਆਮ ਆਦਮੀ ਪਾਰਟੀ ਵੱਲੋਂ ਪਵਨ ਕੁਮਾਰ ਟੀਨੂੰ, ਡੈਮੋਕਰੇਟਿਕ ਭਾਰਤੀ ਸਮਾਜ ਪਾਰਟੀ ਵੱਲੋਂ ਗੁਲਸ਼ਨ ਕੁਮਾਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਦਕਿ ਅਸ਼ੋਕ ਕੁਮਾਰ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕੀਤੇ । ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਤੇ ਸੁਨੀਤਾ, ਆਮ ਆਦਮੀ ਪਾਰਟੀ ਵੱਲੋਂ ਪਵਨ ਕੁਮਾਰ ਟੀਨੂੰ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿੰਦਰ ਸਿੰਘ ਕੇਪੀ ਨੇ ਦੋਹਰੀ ਨਾਮਜ਼ਦਗੀ ਦਾਖ਼ਲ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੱਲ 14 ਮਈ ਨੂੰ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ 17 ਮਈ ਬਾਅਦ ਦੁਪਹਿਰ 3 ਵਜੇ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ 17 ਮਈ ਨੂੰ ਹੀ ਬਾਅਦ ਦੁਪਹਿਰ 3:30 ਵਜੇ ਕੋਰਟ ਰੂਮ ਵਿਚ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
