17 ਮਈ ਬਾਅਦ ਦੁਪਹਿਰ 3 ਵਜੇ ਤੱਕ ਵਾਪਸ ਲਏ ਜਾ ਸਕਦੇ ਨੇ ਕਾਗਜ਼ : ਜ਼ਿਲ੍ਹਾ ਚੋਣ ਅਫ਼ਸਰ
ਜਲੰਧਰ, 15 ਮਈ 2024-ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਲਈ ਲੋਕ ਸਭਾ ਦੀਆਂ ਆਮ ਚੋਣਾਂ ਲਈ ਪ੍ਰਾਪਤ ਹੋਈਆਂ ਨਾਮਜ਼ਦਗੀਆਂ ਦੀ ਬੁੱਧਵਾਰ ਨੂੰ ਪੜਤਾਲ ਉਪਰੰਤ 20 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਲਈ 7 ਮਈ ਤੋਂ 14 ਮਈ ਤੱਕ ਕੁੱਲ 27 ਉਮੀਦਵਾਰਾਂ ਵੱਲੋਂ 35 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚ 4 ਕਵਰਿੰਗ ਉਮੀਦਵਾਰ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਅੱਜ ਪੜਤਾਲ ਦੌਰਾਨ 4 ਕਵਰਿੰਗ ਉਮੀਦਵਾਰਾਂ ਦੇ ਕਾਗਜ ਰੱਦ ਕੀਤੇ ਗਏ ਕਿਉਂਕਿ ਉਨਾਂ ਦੇ ਮੁੱਖ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ ।
3 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ /ਨਿਯਮਾਂ ਦੇ ਅਨੁਕੂਲ ਨਾ ਹੋਣ ਕਰਤੇ ਰੱਦ ਕੀਤੇ ਗਏ ਹਨ।

ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਇੱਕ ਉਮੀਦਵਾਰ ਨੂੰ ਸਜ਼ਾ ਹੋਣ ਕਰਕੇ ਅਤੇ ਬਾਕੀ ਦੇ ਦੋ ਉਮੀਦਵਾਰਾਂ ਦੇ ਭਾਰਤੀ ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਿਕ ਲੋੜੀਂਦੇ ਪ੍ਰੋਪੋਜਰਾਂ ਦੇ ਦਸਤਖਤ ਨਾ ਹੋਣ ਕਰਕੇ ਰੱਦ ਕੀਤੇ ਗਏ ਹਨ ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 17 ਮਈ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ ਅਤੇ ਨਾਮਜ਼ਦਗੀਆਂ ਦੀ ਵਾਪਸੀ ਉਪਰੰਤ ਯੋਗ ਉਮੀਦਵਾਰਾਂ ਨੂੰ 17 ਮਈ ਨੂੰ ਹੀ 3:30 ਵਜੇ ਕੋਰਟ ਰੂਮ ਵਿੱਚ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ 1 ਜੂਨ ਨੂੰ ਪੈਣਗੀਆਂ ਜਦਕਿ ਗਿਣਤੀ 4 ਜੂਨ ਨੂੰ ਹੋਵੇਗੀ। ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਹਿਲਾਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਅਤੇ ਅਧਿਕਾਰੀਆਂ ਨੂੰ ਵੀ ਚੋਣਾਂ ਸਬੰਧੀ ਸਮੁੱਚੇ ਕੰਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਨ ਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।