ਅੱਜ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ‘ਚ ਭੂਚਾਲ ਆ ਗਿਆ ਜਦੋ ਅਕਾਲੀ ਦਲ ਦਾ ਵੱਡਾ ਧੜਾ ਪ੍ਰਧਾਨ ਸੁਖਬੀਰ ਬਾਦਲ ਖਿਲ਼ਾਫ ਬਗਾਵਤ ਦਾ ਝੰਡਾ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ। ਅਕਾਲੀ ਲੀਡਰਾਂ ਨੇ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਖੁਦ ਖਿਮਾ ਜਾਚਣਾ ਕੀਤੀ, ਉੱਥੇ ਹੀ ਆਪਣੀ ਪੁਰਾਣੀ ਸਰਕਾਰ ਤੇ ਪ੍ਰਧਾਨ ਸੁਖਬੀਰ ਬਾਦਲ ਬਾਰੇ ਵੱਡੇ ਖੁਲਾਸੇ ਕੀਤੇ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੇਟੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਪੰਜਾਬ ‘ਚ ਵੱਡੀ ਬਗਾਵਤ ਹੋ ਗਈ ਹੈ। ਅਕਾਲੀ ਦਲ ਦਾ ਇੱਕ ਵੱਡ ਧੜਾ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ। ਇੱਥੇ ਉਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ ਤੇ ਮੁਆਫ਼ੀ ਮੰਗ ਲਈ।
ਅਕਾਲੀ ਲੀਡਰਾਂ ਨੇ ਸੁਖਬੀਰ ਬਾਦਲ ਦੀਆਂ ਚਾਰ ਗਲਤੀਆਂ ਲਈ ਮੁਆਫੀ ਮੰਗੀ ਹੈ ਜਿਸ ਵਿੱਚ ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਨੂੰ ਮੁਆਫੀ ਦੇਣਾ, ਅਕਾਲੀ ਲੀਡਰਾਂ ਵੱਲੋਂ 2015 ਵਿੱਚ ਫਰੀਦਕੋਟ ਦੇ ਬਰਗਾੜੀ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਸਹੀ ਢੰਗ ਨਾਲ ਜਾਂਚ ਨਾ ਕਰਨ ਲਈ ਵੀ ਮੁਆਫੀ ਮੰਗੀ ਗਈ ਹੈ, ਅਧਿਕਾਰੀ ਸੁਮੇਧ ਸੈਣੀ ਨੂੰ ਡੀਜੀਪੀ ਬਣਾਉਣਾ ਤੇ ਮੁਹੰਮਦ ਇਜ਼ਹਾਰ ਆਲਮ ਦੀ ਪਤਨੀ ਨੂੰ ਟਿਕਟ ਦੇਣਾ ਵੀ ਗਲਤੀ ਮੰਨੀ ਹੈ।

ਇਸ ਦੌਰਾਨ ਅਕਾਲੀ ਦਲ ਦੇ ਬਾਗੀ ਧੜੇ ਨੇ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਬੈਠਾ ਕੇ ਕੋਈ ਹੱਲ ਕੱਢਣ ਲਈ ਕਿਹਾ ਹੈ। ਬਾਗੀ ਧੜੇ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਦੀ ਮੰਗ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਕਿਸੇ ਨੇ ਵੀ ਪਹੁੰਚ ਨਹੀਂ ਕੀਤੀ। ਜੇਕਰ ਸਮੁੱਚੀ ਪਾਰਟੀ ਉਨ੍ਹਾਂ ਨੂੰ ਇਸ ਅਹੁਦੇ ਲਈ ਚੁਣਦੀ ਹੈ ਤਾਂ ਉਹ ਇਸ ‘ਤੇ ਵਿਚਾਰ ਕਰਨਗੇ। ਨਹੀਂ ਤਾਂ ਉਹ ਧੜੇਬੰਦੀ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ।
