ਕਿਸਾਨਾਂ ਨੂੰ ਵਾਤਾਵਰਣ ਨੂੰ ਬਚਾਉਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਣ ਨੂੰ ਛੱਡਣ ਦੀ ਅਪੀਲ
ਪੰਚਾਇਤਾਂ ਅਤੇ ਵਿਅਕਤੀਗਤ ਕਿਸਾਨਾਂ ਲਈ ‘ਵਾਤਾਵਰਣ ਦੇ ਰਾਖੇ ’ ਐਵਾਰਡ ਦਾ ਵੀ ਐਲਾਣ
ਫਿਲੌਰ ਵਿਖੇ ਹੋਰਨਾਂ ਪਿੰਡਾਂ ਵਿੱਚ ਲੱਗਣਗੇ ਕੈਂਪ – ਪ੍ਰਿੰਸੀਪਲ ਪ੍ਰੇਮ ਕੁਮਾਰ
ਗੁਰਾਇਆ /ਜਲੰਧਰ, 18 ਜੁਲਾਈ 2024-ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਸੂਬੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਖੇਤੀਬਾੜੀ ਖੇਤਰ ਲਈ ਨਵੀਂਆਂ ਤਕਨੀਕਾਂ ਨੂੰ ਅਪਣਾਇਆ ਜਾਵੇ।
ਅੱਜ ਇੱਥੇ ਪ੍ਰਿੰਸੀਪਲ ਪ੍ਰੇਮ ਕੁਮਾਰ ਵਾਇਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਾਲ ਮਾਨਸੂਨ ਦੌਰਾਨ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਨੂੰ ਸੰਬੋਧਨ ਕਰਦਿਆਂ ਡਾ. ਅਗਰਵਾਲ ਵਲੋਂ ਸੂਬੇ ਦੀ ਆਰਥਿਕਤਾ ਅਤੇ ਦੇਸ਼ ਦੇ ਅੰਨ ਭੰਡਾਰ ਵਿੱਚ ਕਿਸਾਨਾਂ ਵਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ ਗਈ।
ਡਾ.ਅਗਰਵਾਲ ਵਲੋਂ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਦੀ ਮਹੱਤਤਾ ’ਤੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਵੀਆਂ ਪਹਿਲ ਕਦਮੀਆਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਅਤਿ ਆਧੁਨਿਕ ਖੇਤੀ ਮਸ਼ੀਨਰੀ, ਬੀਜ , ਤਕਨਾਲੌਜੀ, ਮੌਸਮ ਦੀ ਭਵਿੱਖਬਾਣੀ ਅਤੇ ਨਦੀਨਨਾਸ਼ਕਾਂ ਦੀ ਵਰਤੋਂ ਲਈ ਸਬਸਿਡੀ ਪਹਿਲਾਂ ਹੀ ਦਿੱਤੀ ਜਾ ਰਹੀ ਹੈ ।
ਉਨ੍ਹਾਂ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤੁਰੰਤ ਫ਼ਸਲੀ ਵਿਭਿੰਨਤਾ ਨੂੰ ਅਪਣਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਸੱਦਾ ਦਿੱਤਾ ਗਿਆ।
ਉਨ੍ਹਾਂ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਲਈ ਪੰਚਾਇਤਾਂ ਅਤੇ ਵਿਅਕਤੀਗਤ ਕਿਸਾਨਾਂ ਲਈ ‘ਵਾਤਾਵਰਣ ਦੇ ਰਾਖੇ’ ਐਵਾਰਡ ਦਾ ਵੀ ਐਲਾਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੀਆਂ ਪੰਚਾਇਤਾਂ ਨੂੰ ਵਿਕਾਸ ਕੰਮ ਲਈ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਵਧੀਆ ਕਾਰਗੁਜਾਰੀ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ।
ਡਾ.ਅਗਰਵਾਲ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਸੰਭਾਲ ਲਈ ਲੋੜ ਅਨੁਸਾਰ ਮਸ਼ੀਨਰੀ ਦੀ ਉਪਲਬੱਧਤਾ ਬਾਰੇ ਜਾਣੂੰ ਕਰਵਾਉਂਦਿਆਂ ਕਿਸਾਨਾਂ ਨੂੰ ਇਸ ਨੇਕ ਕਾਰਜ ਵਿੱਚ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਇਸ ਚੇਅਰਮੈਨ ਪ੍ਰਿੰਸੀਪਲ ਪ੍ਰੇਮ ਕੁਮਾਰ ਵਲੋਂ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਫਸਲਾਂ ਦੀ ਸੁਚੱਜੀ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਪ੍ਰੇਰਿਤ ਕਰਨ ਅਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਇਹ ਕੈਂਪ ਲਗਾਉਣ ਲਈ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਵਲੋਂ ਬਲਾਕ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਵੀ ਐਲਾਨ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਖੇਤੀਬਾੜੀ ਉਤਪਾਦਾਂ ਅਤੇ ਨਵੀਆਂ ਤਕਨੀਕਾਂ ਨੂੰ ਪ੍ਰਦਰਸ਼ਿਤ ਕਰਦੀ ਪ੍ਰਦਰਸ਼ਨੀ ਦਾ ਦੌਰਾ ਵੀ ਕੀਤਾ ਗਿਆ।
ਇਸ ਤੋਂ ਪਹਿਲਾਂ ਜੁਆਇੰਟ ਡਾਇਰੈਕਟਰ ਖੇਤੀਬਾੜੀ ਨਰਿੰਦਰਪਾਲ ਸਿੰਘ ਬੈਨੀਪਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਵਲੋਂ ਡਾ. ਹਿਮਾਂਸ਼ੂ ਅਗਰਵਾਲ ਦਾ ਕੈਂਪ ਵਿੱਚ ਆਉਣ ’ਤੇ ਸਵਾਗਤ ਕੀਤਾ ਗਿਆ


