Breaking
Fri. Mar 28th, 2025

ਬੱਚੇ ਦੇਸ਼ ਦੀ ਧਰੋਹਰ, ਜਿਨ੍ਹਾਂ ਦੀ ਸੁਰੱਖਿਆ ਬੇਹੱਦ ਜ਼ਰੂਰੀ -ਚੇਅਰਮੈਨ ਕੰਵਰਦੀਪ ਸਿੰਘ

ਐਨ.ਸੀ.ਪੀ.ਸੀ.ਆਰ. ਵੱਲੋਂ ਸਾਈਬਰ ਸੇਫ਼ਟੀ ਸਮੇਤ ਸਕੂਲਾਂ ’ਚ ਬੱਚਿਆਂ ਦੀ ਸੁਰੱਖਿਆ ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ

ਵੱਖ-ਵੱਖ ਬੁਲਾਰਿਆਂ ਨੇ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਪਹਿਲੂਆਂ ਤੋਂ ਕਰਵਾਇਆ ਜਾਣੂ

ਜਲੰਧਰ, 19 ਜੁਲਾਈ 2024 -ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਸਾਈਬਰ ਸੇਫ਼ਟੀ ਸਮੇਤ ਸਕੂਲਾਂ ’ਚ ਬੱਚਿਆਂ ਦੀ ਸੁਰੱਖਿਆ ਲਈ ਐਨ.ਸੀ.ਪੀ.ਸੀ.ਆਰ ਵੱਲੋਂ ਤਿਆਰ ਵਿਆਪਕ ਮੈਨੂਅਲ ਬਾਰੇ ਜਾਣਕਾਰੀ ਦੇਣ ਲਈ ਸਥਾਨਕ ਮੈਰੀਟੋਰੀਅਸ ਸਕੂਲ ਵਿੱਚ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਹਰੇਕ ਪਹਿਲੂ ’ਤੇ ਚਾਨਣਾ ਪਾਇਆ। ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਸਾਈਬਰ ਸੁਰੱਖਿਆ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦੀ ਧਰੋਹਰ ਹਨ, ਜਿਸ ਕਰਕੇ ਇਨ੍ਹਾਂ ਦੀ ਹਰ ਤਰ੍ਹਾਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ। ਉਨ੍ਹਾਂ ਕਮਿਸ਼ਨ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਮਿਸ਼ਨ ਬੱਚਿਆਂ ਨਾਲ ਜੁੜੇ ਹਰ ਮੁੱਦੇ ਨੂੰ ਸੁਲਝਾਉਣ ਲਈ ਵਚਨਬੱਧ ਹੈ।

ਉਨ੍ਹਾਂ ਵਰਕਸ਼ਾਪ ਵਿੱਚ ਸ਼ਾਮਲ ਭਾਗੀਦਾਰਾਂ ਨੂੰ ਮੈਨੂਅਲ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕਰਨ ਅਤੇ ਇਸ ਨੂੰ ਆਪੋ-ਆਪਣੇ ਸਕੂਲਾਂ ਵਿੱਚ ਲਾਗੂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਘਰ ਤੋਂ ਬਾਅਦ ਸਭ ਤੋਂ ਜ਼ਿਆਦਾ ਸਮਾਂ ਬੱਚਾ ਸਕੂਲ ਵਿੱਚ ਗੁਜ਼ਾਰਦਾ ਹੈ, ਇਸ ਲਈ ਮਾਪਿਆਂ ਤੋਂ ਬਾਅਦ ਅਧਿਆਪਕਾਂ ’ਤੇ ਵੀ ਬੱਚਿਆਂ ਦੀ ਸੁਰੱਖਿਆ ਦੀ ਵੱਡੀ ਜ਼ਿੰਮੇਵਾਰੀ ਹੈ।
ਉਪਰੰਤ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਪ੍ਰਤੀਨਿਧੀ ਮਨਮੀਤ ਕੌਰ ਸਾਹਨੀ ਨੇ ਸਕੂਲ ਸੁਰੱਖਿਆ ਦੇ ਮਨੋਵਿਗਿਆਨਕ ਸਮਾਜਿਕ ਪਹਿਲੂ ਸਮੇਤ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਸਬੰਧੀ ਐਨ.ਸੀ.ਪੀ.ਸੀ.ਆਰ. ਵੱਲੋਂ ਤਿਆਰ ਮੈਨੂਅਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਦਾ ਮੰਤਵ ਬੱਚਿਆਂ ਨੂੰ ਸਾਈਬਰ ਖਤਰਿਆਂ ਤੋਂ ਸੁਰੱਖਿਅਤ ਰੱਖਣ ਲਈ ਸਕੂਲਾਂ ਦੀ ਜ਼ਿੰਮੇਵਾਰੀ ਸਬੰਧੀ ਜਾਗਰੂਕਤਾ ਪੈਦਾ ਵੀ ਕਰਨਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਬੱਚੇ ਇੰਟਰਨੈੱਟ, ਸੋਸ਼ਲ ਮੀਡੀਆ ’ਤੇ ਜ਼ਿਆਦਾ ਸਮਾਂ ਗੁਜ਼ਾਰਨ ਲੱਗ ਗਏ ਹਨ ਤਾਂ ਅਜਿਹੇ ਵਿੱਚ ਉਨ੍ਹਾਂ ਦੀ ਸਾਈਬਰ ਸੁਰੱਖਿਆ ਬਹੁਤ ਜ਼ਰੂਰੀ ਹੈ।
ਡੀ.ਈ.ਓ. (ਸੈਕੰ) ਸੁਰੇਸ਼ ਕੁਮਾਰ ਨੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਵਿੱਚ ਸ਼ਾਮਲ ਹੋਣ ’ਤੇ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਕੰਵਰਦੀਪ ਸਿੰਘ ਦਾ ਧੰਨਵਾਦ ਕੀਤਾ। ਜਦਕਿ ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ ਸਟੇਟ ਐਵਾਰਡੀ ਵੱਲੋਂ ਵਰਕਸ਼ਾਪ ਦੀ ਸ਼ੁਰੂਆਤ ਵਿੱਚ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।
ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਵੱਲੋਂ ਜੁਵੇਨਾਈਲ ਜਸਟਿਸ ਐਕਟ, ਅਧਿਆਪਕ ਰਜਿੰਦਰ ਸਿੰਘ ਵੱਲੋਂ ਸਾਈਬਰ ਸੁਰੱਖਿਆ, ਅਧਿਆਪਕ ਦੀਪਕ ਕੁਮਾਰ ਵੱਲੋਂ ਸਕੂਲ ਸੁਰੱਖਿਆ ਵਿਸ਼ਿਆਂ ’ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸਟੇਜ ਦਾ ਸੰਚਾਲਨ ਅਧਿਆਪਕ ਅਮਨਜੋਤ ਤੇ ਕੰਚਨ ਵੱਲੋਂ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਅਜੈ ਬਾਹਰੀ, ਲੀਗਰ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ, ਐਨ.ਸੀ.ਪੀ.ਸੀ.ਆਰ ਤੋਂ ਨਿਤਿਨ ਸਮੇਤ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰ, ਬਲਾਕ ਨੋਡਲ ਅਫ਼ਸਰ ਅਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

Related Post

Leave a Reply

Your email address will not be published. Required fields are marked *