ਐਸ.ਐਸ.ਪੀ. ਅਤੇ ਏ.ਡੀ.ਸੀ. ਵਲੋਂ ਜ਼ਿਲ੍ਹਾ ਪੱਧਰੀ ਨਸ਼ਾਖੋਰੀ ਅਤੇ ਨਸ਼ੀਲੇ ਪਦਾਰਥਾਂ ਦੇ ਵਪਾਰ ਦੀ ਰੋਕਥਾਮ ਮੀਟਿੰਗ ’ਚ ਲਿਆ ਗਿਆ ਜਾਇਜ਼ਾ
ਜਲੰਧਰ, 29 ਅਗਸਤ 2024-ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਅਤੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ ਵਲੋਂ ਅੱਜ ਜ਼ਿਲ੍ਹਾ ਪੱਧਰੀ ਨਸ਼ਾਖੋਰੀ ਅਤੇ ਨਸ਼ੀਲੇ ਪਦਾਰਥਾਂ ਦੇ ਵਪਾਰ ਦੀ ਰੋਕਥਾਮ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਮੀਟਿੰਗ ਦਾ ਮੰਤਵ ਨਸ਼ਾਖੋਰੀ ਖਿਲਾਫ਼ ਕਾਨੂੰਨੀ ਏਜੰਸੀਆਂ ਅਤੇ ਸਬੰਧਿਤ ਵਿਭਾਗਾਂ ਵਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲੈਣਾ ਸੀ।
ਉਨ੍ਹਾਂ ਵਲੋਂ ਜ਼ਿਲ੍ਹਾ ਪੱਧਰੀ ਨਸ਼ਾਖੋਰੀ ਅਤੇ ਨਸ਼ੀਲੇ ਪਦਾਰਥਾਂ ਰੋਕਥਾਮ ਕਮੇਟੀ ਦੀ ਪਿਛਲੀ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਅਤੇ ਕੀਤੀ ਗਈ ਕਾਰਵਾਈ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾ ਵਲੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਉਠਾਏ ਗਏ ਕਦਮਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖਿਲਾਫ਼ ਫ਼ੈਸਲਾਕੁੰਨ ਜੰਗ ਸ਼ੁਰੂ ਕੀਤੀ ਜਾਵੇ।
ਉਨ੍ਹਾਂ ਵਲੋਂ ਇਸ ਮੌਕੇ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ ਦੀ ਪ੍ਰਗਤੀ ਅਤੇ ਇਸ ਦੇ ਪ੍ਰਭਾਵ ਦਾ ਜਾਇਜ਼ਾ ਵੀ ਲਿਆ ਗਿਆ।
ਉਨ੍ਹਾਂ ਕਮੇਟੀ ਦੇ ਮੈਂਬਰਾਂ ਨੂੰ ਕਿਹਾ ਕਿ ਨਸ਼ਿਆਂ ਦੀ ਜਕੜ ਵਿੱਚ ਆਉਣ ਵਾਲੇ ਸੰਵੇਦਨਸ਼ੀਲ ਉਮਰ ਗਰੁੱਪ ਦੇ ਲੋਕਾਂ ਅਤੇ ਖਾਸ ਕਰਕੇ ਵਿਦਿਅਕ ਸੰਸਥਾਵਾਂ ਦੇ ਆਲੇ-ਦੁਆਲੇ ਨਸ਼ਿਆਂ ਨੂੰ ਫੈਲਣ ਤੋਂ ਰੋਕਣ ਲਈ ਵਧੇਰੇ ਚੌਕਸੀ ਰੱਖੀ ਜਾਵੇ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਜਾਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰਾਂ ’ਤੇ ਜ਼ੋਰ ਦਿੱਤਾ ਕਿ ਨਸ਼ਿਆਂ ਦੇ ਮਾਰੂ ਪ੍ਰਭਾਵਾਂ ’ਤੇ ਕਾਬੂ ਪਾਉਣ ਲਈ ਇਸ ਦੀ ਰੋਕਥਾਮ ਸਬੰਧੀ ਕੀਤੇ ਜਾਣ ਵਾਲੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇ । ਉਨ੍ਹਾਂ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਦੀ ਮਹੱਤਤਾ ’ਤੇ ਵੀ ਦਿੱਤਾ ਗਿਆ। ਇਸ ਮੌਕੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
