Breaking
Fri. Mar 28th, 2025

ਜਲੰਧਰ ਡਵੀਜ਼ਨ ’ਚ ਪੈਂਦੇ 7 ਜ਼ਿਲ੍ਹਿਆਂ ’ਚ ਚੱਲ ਰਹੇ ਵਾਤਾਵਰਣ ਪੱਖੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਡਵੀਜ਼ਨਲ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਪੂਰੀ ਸਰਗਰਮੀ ਨਾਲ ਕੰਮ ਕਰਨ ਲਈ ਕਿਹ

ਜਲੰਧਰ, 6 ਸਤੰਬਰ 2024-ਡਵੀਜ਼ਨਲ ਕਮਿਸ਼ਨਰ ਜਲੰਧਰ ਪ੍ਰਦੀਪ ਕੁਮਾਰ ਸਭਰਵਾਲ ਨੇ ਅੱਜ ਜਲੰਧਰ ਡਵੀਜ਼ਨ ਅਧੀਨ ਪੈਂਦੇ ਸੱਤ ਜ਼ਿਲ੍ਹਿਆਂ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ ਜ਼ਿਲ੍ਹਾ ਵਾਤਾਵਰਣ ਯੋਜਨਾ ਤਹਿਤ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਫੀਲਡ ਵਿੱਚ ਜਾ ਕੇ ਪੂਰੀ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ।
ਇਨ੍ਹਾਂ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ, ਪੰਜਾਬ ਪ੍ਰਦੂਸ਼ਣ ਕੰਟੋਰਲ ਬੋਰਡ ਦੇ ਐਕਸੀਅਨਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਵੀਜ਼ਨਲ ਕਮਿਸ਼ਨਰ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਪੈਂਦੇ ਦਰਿਆਵਾਂ ਦੇ ਪਾਣੀ ਦੀ ਗੁਣਵੱਤਾ ਦੀ ਨਿਗਰਾਨੀ, ਸੀਵਰੇਜ ਟ੍ਰੀਟਮੈਂਟ ਪਲਾਂਟਾਂ/ਐਫੂਲੈਂਟ ਟ੍ਰੀਟਮੈਂਟ ਪਲਾਂਟਾ ਦੀ ਕਾਰਗੁਜ਼ਾਰੀ, ਸੀਵਰੇਜ ਦੇ ਪਾਣੀ ਨੂੰ ਸੋਧਣ ਦੀ ਸਮਰੱਥਾ, ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਈ ਕੀਤੇ ਜਾ ਰਹੇ ਉਪਰਾਲਿਆਂ, ਠੋਸ ਰਹਿੰਦ-ਖੂਹੰਦ ਪ੍ਰਬੰਧਨ, ਪਲਾਸਟਿਕ ਤੇ ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਸਬੰਧੀ ਚੱਲ ਰਹੇ ਕਾਰਜਾਂ ਦਾ ਵਿਆਪਕ ਜਾਇਜ਼ਾ ਲਿਆ।
ਜ਼ਿਲ੍ਹਾ ਵਾਰ ਸੀਵਰੇਜ ਟ੍ਰੀਟਮੈਂਟ ਪਲਾਂਟਾਂ/ਐਫੂਲੈਂਟ ਟ੍ਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਡਵੀਜ਼ਨਲ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੀਵਰੇਜ ਟ੍ਰੀਟਮੈਂਟ ਪਲਾਂਟਾ ਦਾ ਸੰਚਾਲਨ ਨਿਰਧਾਰਿਤ ਮਾਪਦੰਡਾਂ ਮੁਤਾਬਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰਾਂ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਸਾਂਝੇ ਤੌਰ ’ਤੇ ਐਫੂਲੈਂਟ ਟ੍ਰੀਟਮੈਂਟ ਪਲਾਂਟਾਂ ਦੀ ਨਿਗਰਾਨੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੇ ਸੋਧੇ ਹੋਏ ਪਾਣੀ ਦੀ ਸੁਚੱਜੀ ਵਰਤੋਂ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਹੋਵੇਗੀ।
ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਸ਼੍ਰੀ ਸਭਰਵਾਲ ਨੇ ਕਿਹਾ ਕਿ ਤਕਨੀਕ ਦੀ ਸਰਵਓਤਮ ਵਰਤੋਂ ਕਰਦਿਆਂ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਈ ਯਤਨ ਤੇਜ਼ ਕੀਤੇ ਜਾਣ।
ਡਵੀਜ਼ਨਲ ਕਮਿਸ਼ਨਰ ਨੇ ਜ਼ਿਲ੍ਹਿਆਂ ਵਿਚ ਠੋਸ ਰਹਿੰਦ-ਖੂਹੰਦ ਪ੍ਰਬੰਧਨ, ਪਲਾਸਟਿਕ ਵੇਸਟ ਮੈਨੇਜਮੈਂਟ ਅਤੇ ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਦਾ ਵੀ ਜਾਇਜ਼ਾ ਲਿਆ। ਪਲਾਸਟਿਕ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਡੀਲਰਾਂ ਤੇ ਦੁਕਾਨਦਾਰਾਂ ਨੂੰ ਵੀ ਇਸ ਸਬੰਧੀ ਲਗਾਤਾਰ ਸੁਚੇਤ ਕੀਤਾ ਜਾਵੇ।
ਡਵੀਜ਼ਨਲ ਕਮਿਸ਼ਨਰ ਨੇ ਜ਼ਿਲ੍ਹਿਆਂ ਵਿੱਚ ਚੱਲ ਰਹੀਆਂ ਵਾਤਾਵਰਣ ਪੱਖੀ ਗਤੀਵਿਧੀਆਂ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਸਬੰਧਤ ਵਿਭਾਗਾਂ ਨਾਲ ਨਿਯਮਿਤ ਮੀਟਿੰਗਾਂ ਕਰਨ ਵੀ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਬੁੱਧੀ ਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਅੰਕੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਵਰਿੰਦਰਪਾਲ ਸਿੰਘ ਬਾਜਵਾ, ਸਹਾਇਕ ਕਮਿਸ਼ਨਰ ਕਪੂਰਥਲਾ ਕਿਰਨ ਸ਼ਰਮਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਸੁਪਰਡੰਟ ਅਸ਼ੋਕ ਵਧਾਵਨ ਤੇ ਵਿਕਾਸ ਮਹਿਤਾ ਵੀ ਮੌਜੂਦ ਸਨ।

Related Post

Leave a Reply

Your email address will not be published. Required fields are marked *