ਹੌਟ ਸਪੌਟ ਇਲਾਕਿਆਂ ਵਿੱਚ ਜਾਗਰੂਕਤਾ ਗਤੀਵਿਧੀਆਂ, ਫੋਗਿੰਗ ਅਤੇ ਚੈਕਿੰਗ ਵਿੱਚ ਲਿਆਂਦੀ ਤੇਜ਼ੀ
ਜਲੰਧਰ, 11 ਸਤੰਬਰ 2024-ਜ਼ਿਲ੍ਹੇ ਵਿੱਚ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਜੰਗੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਡੇਂਗੂ ਨੂੰ ਕੰਟੋਰਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਤੇਜ਼ੀ ਲਿਆਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਇਹ ਸਪਸ਼ਟ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਹੌਟ ਸਪੌਟਸ ਵਜੋਂ ਪਛਾਣੇ ਗਏ ਖੇਤਰਾਂ ਵਿੱਚ ਜਨ ਜਾਗਰੂਕਤਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬਰਸਾਤੀ ਮੌਸਮ ਨੂੰ ਦੇਖਦਿਆਂ ਲੋਕਾਂ ਨੂੰ ਰਿਹਾਇਸ਼ੀ ਥਾਵਾਂ, ਗਲੀਆਂ ਅਤੇ ਜਨਤਕ ਥਾਵਾਂ ’ਤੇ ਖੜ੍ਹੇ ਪਾਣੀ ਦੇ ਨਿਕਾਸ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਅੱਜ ਜ਼ਿਲ੍ਹੇ ਦੇ 1777 ਘਰਾਂ ਦਾ ਸਰਵੇ ਕੀਤਾ ਗਿਆ ਜਿਸ ਦੌਰਾਨ 14 ਥਾਵਾਂ ’ਤੇ ਡੇਂਗੂ ਦਾ ਲਾਰਵਾ ਪਾਇਆ ਗਿਆ ਜਿਸ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮੌਕੇ ’ਤੇ ਹੀ ਨਸ਼ਟ ਕੀਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵਲੋਂ ਨਾਜ਼ੁਕ ਥਾਵਾਂ ’ਤੇ ਡੇਂਗੂ ਦੇ 29 ਸੈਂਪਲ ਵੀ ਲਏ ਗਏ ਤੇ ਡੇਂਗੂ ਦਾ ਕੇਸ ਸਾਹਮਣੇ ਆਉਣ ’ਤੇ ਮਰੀਜ਼ਾਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸਿਹਤ ਵਿਭਾਗ ਵਲੋਂ ਡੇਂਗੂ ਮੱਛਰ ਤੋਂ ਬਚਾਅ ਲਈ ਦਿੱਤੇ ਜਾ ਰਹੇ ਸੁਝਾਵਾਂ ਨੂੰ ਅਮਲੀ ਰੂਪ ਵਿੱਚ ਅਪਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਡੇਂਗੂ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਰੋਕਿਆ ਜਾ ਸਕੇ।
ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵਲੋਂ ਅੱਜ ਬਸਤੀ ਦਾਨਿਸ਼ਮੰਦਾਂ ਅਤੇ ਪੰਚਕੂਲਾ ਕਲੌਨੀ ਵਿਖੇ ਡੇਂਗੂ ਮੱਛਰਾਂ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਸਿਹਤ ਵਿਭਾਗ ਦੇ ਕਰਮੀਆਂ ਵਲੋਂ ਦੱਸਿਆ ਗਿਆ ਕਿ ਏਡੀਜ਼ ਇਜਿਪਟੀ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਖੜ੍ਹੇ ਪਾਣੀ ਤੋਂ ਇਲ਼ਾਵਾ ਫੁੱਲਦਾਨ, ਫਰਿੱਜ, ਕੂਲਰ, ਟਾਇਰ, ਪੰਛੀਆਂ ਦੇ ਫੀਡਰ ਅਤੇ ਹੋਰ ਟੁੱਟੇ ਹੋਏ ਬਰਤਨਾਂ ਵਿੱਚ ਪਨਪਦਾ ਹੈ। ਸਿਹਤ ਕਰਮੀਆਂ ਨੇ ਇਹ ਵੀ ਕਿਹਾ ਕਿ ਜਿਥੇ ਗਲੀਆਂ-ਮੁਹੱਲਿਆਂ ਵਿੱਚ ਡੇਂਗੂ ਮੱਛਰਾਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਪ੍ਰਭਾਵਿਤ ਇਲਾਕਿਆਂ ਵਿੱਚ ਮੱਛਰਾਂ ਦੇ ਪ੍ਰਜਨਨ ਸਥਾਨਾਂ ਬਾਰੇ ਘਰ-ਘਰ ਜਾ ਕੇ ਵੀ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ। ਸਿਹਤ ਕਰਮੀਆਂ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਟੀਮਾਂ ਵਲੋਂ ਡੇਂਗੂ ਦੇ ਲਾਰਵੇ ਦੀ ਵੀ ਜਾਂਚ ਕੀਤੀ ਜਾ ਰਹੇ ਹੈ ਤੇ ਲਾਰਵਾ ਮਿਲਣ ’ਤੇ ਇਸ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ Çਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਭਾਗ ਵਲੋਂ ਪੇਂਡੂ ਤੇ ਸ਼ਹਿਰੀ ਖੇਤਰਾਂ ਵੱਚ ਫੋਗਿੰਗ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਡੇਂਗੂ ਖਿਲਾਫ਼ ਛੇੜੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਈ ਜਾਵੇ।
