ਕੇਸਾਂ ਦੀ ਸੁਣਵਾਈ ਲਈ ਜਲੰਧਰ ’ਚ 19, ਨਕੋਦਰ ਅਤੇ ਫਿਲੌਰ ’ਚ 2-2 ਬੈਂਚ ਗਠਿਤ
ਜਲੰਧਰ, 12 ਸਤੰਬਰ 2024- ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਨਿਰਭਉ ਸਿੰਘ ਗਿੱਲ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਾਣਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀ ਰਹਿਨੁਮਾਈ ਹੇਠ ਕੌਮੀ ਲੋਕ ਅਦਾਲਤ 14 ਸਤੰਬਰ ਨੂੰ ਜਲੰਧਰ, ਨਕੋਦਰ ਅਤੇ ਫਿਲੌਰ ਵਿਖੇ ਲਗਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਯੋਗ ਫੌਜਦਾਰੀ ਕੇਸ ਚੈੱਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ,ਮੋਟਰ ਦੁਰਘਟਨਾ ਕਲੇਮ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਊਜ਼ੀਸ਼ਨ ਕੇਸ,ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਜਾਣਗੇ।
ਇਸ ਤੋਂ ਇਲਾਵਾ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਫੈਸਲੇ ਦੇ ਖਿਲਾਫ਼ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਕੇਸ ਇਸ ਕੌਮੀ ਲੋਕ ਅਦਾਲਤ ਵਿੱਚ ਲਗਾਏ ਜਾਣ ਦੀ ਅਪੀਲ ਕੀਤੀ ਤਾਂ ਜੋ ਇਸ ਲੋਕ ਅਦਾਲਤ ਦਾ ਫਾਇਦਾ ਆਮ ਤੇ ਗਰੀਬ ਲੋਕਾਂ ਨੂੰ ਮਿਲ ਸਕੇ।
ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੁਲ ਕੁਮਾਰ ਅਜ਼ਾਦ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਲਈ ਜਲੰਧਰ ਵਿੱਚ 19 ਬੈਂਚ, ਨਕੋਦਰ ਅਤੇ ਫਿਲੌਰ ਵਿੱਚ 2-2 ਬੈਂਚ ਬਣਾਏ ਗਏ ਹਨ ਅਤੇ ਲਗਭਗ 40,000 ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।