‘ਹਾਟ ਸਪਾਟ’ ਪਿੰਡਾਂ ਵੱਲ ਵਿਸ਼ੇਸ਼ ਤਵਜੋਂ ਦੇਣ ਲਈ ਕਿਹਾ
ਕਿਹਾ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇ
ਜਲੰਧਰ, 22 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀਰਾਜ ਸਿੰਘ ਨੇ ਜ਼ਿਲ੍ਹੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ।
ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲਿਆਂ ਨੂੰ ਰੋਕਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਧਾਰਮਿਕ ਸਥਾਨਾਂ ਤੋਂ ਅਨਾਊਂਸਮੈਂਟਸ ਦੇ ਨਾਲ-ਨਾਲ ਪ੍ਰਚਾਰ ਵੈਨਾਂ, ਸੋਸ਼ਲ ਮੀਡੀਆ, ਵਾਲ ਪੇਟਿੰਗਾਂ, ਜਾਗਰੂਕਤਾ ਕੈਂਪਾਂ ਰਾਹੀਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਜਾਗਰੂਕਤਾ ਮੁਹਿੰਮ ਵਿੱਚ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਸ਼ਾਮਲ ਕਰਨ ਲਈ ਕਿਹਾ ਤਾਂ ਜੋ ਘਰ-ਘਰ ਸੁਨੇਹਾ ਪਹੁੰਚਾਇਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ‘ਹਾਟ ਸਪਾਟ’ ਪਿੰਡਾਂ ਵੱਲ ਵਿਸ਼ੇਸ਼ ਤਵਜੋਂ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗੂਰਕ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਕਿਸਾਨਾਂ ਨੂੰ ਜਾਣਕਾਰੀ ਤੋਂ ਇਲਾਵਾ ਮਸ਼ੀਨਰੀ ਮੁਹੱਈਆ ਕਰਵਾਉਣ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇ।
ਮੀਟਿੰਗ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਾਗਬਾਨੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।