ਕਿਹਾ, ਸਾਰੇ ਖ਼ਰੀਦ ਕੇਂਦਰਾਂ ’ਤੇ ਪਹਿਲਾਂ ਹੀ ਵਿਆਪਕ ਪ੍ਰਬੰਧ ਯਕੀਨੀ ਬਣਾਏ
ਜਲੰਧਰ ‘ਚ 11.18 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ
ਜਲੰਧਰ, 24 ਸਤੰਬਰ 2024- ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਜ਼ਿਲ੍ਹੇ ਵਿੱਚ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਝੋਨੇ ਦੇ ਅਗਾਮੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ।
ਡਾ. ਅਗਰਵਾਲ ਨੇ ਕਿਹਾ ਕਿ ਜਲੰਧਰ ਦੀਆਂ ਅਨਾਜ ਮੰਡੀਆਂ ‘ਚ 11.18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਖ਼ਰੀਦ ਲਈ ਵਚਨਬੱਧ ਹੈ ਕਿਉਂਕਿ ਇਹ ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ਦਾ ਫ਼ਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਸਮੁੱਚੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਰੌਸ਼ਨੀ, ਪੀਣ ਵਾਲੇ ਪਾਣੀ, ਪਖਾਨੇ ਤੋਂ ਇਲਾਵਾ ਹੋਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਅੱਗੇ ਕਿਹਾ ਕਿ ਲਿਫ਼ਟਿੰਗ ਦੇ ਪੁਖ਼ਤਾ ਇੰਤਜ਼ਾਮ ਤੋਂ ਇਲਾਵਾ ਲੋੜੀਂਦਾ ਬਾਰਦਾਨਾ ਉਪਲਬਧ ਹੈ। ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ ਕਿਉਂਕਿ ਇਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਕਿਸਾਨਾਂ ਦੀ ਫ਼ਸਲ ਦੀ ਨਾਲੋ-ਨਾਲ ਚੁਕਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਨੇ ਆੜ੍ਹਤੀ ਐਸੋਸੀਏਸ਼ਨਾਂ ਅਤੇ ਰਾਈਸ ਮਿੱਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਤੇ ਉਨ੍ਹਾਂ ਦਾ ਫੀਡਬੈਕ ਲਿਆ ਅਤੇ ਉਨਾਂ ਵੱਲੋਂ ਉਠਾਏ ਗਏ ਮੁੱਦਿਆਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ ਦਿੱਤਾ।
