Breaking
Fri. Mar 28th, 2025

ਡਿਪਟੀ ਕਮਿਸ਼ਨਰ ਵਲੋਂ ਨਕੋਦਰ ਤੇ ਸ਼ਾਹਕੋਟ ਦਾਣਾ ਮੰਡੀਆਂ ’ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ

  • ਤੁਰੰਤ ਲਿਫਟਿੰਗ ਅਤੇ ਅਦਾਇਗੀ ’ਤੇ ਦਿੱਤਾ ਜ਼ੋਰ
  • ਕਿਹਾ, 115882 ਮੀਟਰਕ ਟਨ ਝੋਨਾ ਮੰਡੀਆਂ ’ਚ ਪੁੱਜਾ, ਹੁਣ ਤੱਕ 211 ਕਰੋੜ ਰੁਪਏ ਦੀ ਕਿਸਾਨਾਂ ਨੂੰ ਯਕੀਨੀ ਬਣਾਈ ਅਦਾਇਗੀ
    ਜਲੰਧਰ, 18 ਅਕਤੂਬਰ 2024-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬ ਡਵੀਜ਼ਨ ਨਕੋਦਰ ਅਤੇ ਸ਼ਾਹਕੋਟ ਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਖ਼ਰੀਦੇ ਗਏ ਝੋਨੇ ਦੀ ਸਮੇਂ ਸਿਰ ਚੁਕਾਈ ਅਤੇ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਉਣ ਸਬੰਧੀ ਹਦਾਇਤਾਂ ਕੀਤੀਆਂ। ਉਨ੍ਹਾਂ ਸਪਸ਼ਟ ਕਿਹਾ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿੱਚ ਦੇਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਣਗਹਿਲੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
    ਵੱਖ-ਵੱਖ ਅਨਾਜ ਮੰਡੀਆਂ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਸੁਚੱਜੀ ਖ਼ਰੀਦ ਅਤੇ ਤੁਰੰਤ ਅਦਾਇਗੀ ਲਈ ਵਚਨਬੱਧ ਹੈ।
    ਡਾ. ਅਗਰਵਾਲ ਨੇ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 115,882 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਖ਼ਰੀਦ ਏਜੰਸੀਆਂ ਵਲੋਂ ਹੁਣ ਤੱਕ 109,232 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੁੂੰ ਖ਼ਰੀਦੇ ਗਏ ਝੋਨੇ ਲਈ 211 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ।
    ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁਚੱਜੇ ਅਤੇ ਅਸਰਦਾਰ ਢੰਗ ਨਾਲ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਬੰਧਿਤ ਐਸ.ਡੀ.ਐਮਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ’ਤੇ ਬਾਰੀਕੀ ਨਾਲ ਨਿਗ੍ਹਾ ਰੱਖਣ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡਾ. ਅਗਰਵਾਲ ਨੇ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Related Post

Leave a Reply

Your email address will not be published. Required fields are marked *