ਜਲੰਧਰ, 19 ਅਕਤੂਬਰ 2024- :ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਕ ਉਚ ਪੱਧਰੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਮਹੱਤਵਪੂਰਣ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਵਿੱਚ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਗੌਤਮ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਪੱਖੋਂ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕੁਆਲਿਟੀ ਪੱਖੋਂ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰੇੜੂ ਧੋਗੜੀ ਰੋਡ, ਲੰਮਾ ਪਿੰਡ-ਜੰਡੂ ਸਿੰਘਾ ਰੋਡ ਨੂੰ ਚਹੁੰ ਮਾਰਗੀ ਕਰਨ, ਆਦਮਪੁਰ ਏਅਰਪੋਰਟ ਅਪਰੋਚ ਰੋਡ, ਬਰਲਟਨ ਪਾਰਕ ਵਿਖੇ ਸਪੋਰਟਸ ਹੱਬ, ਸੁਭਾਨਾ ਰੇਲਵੇ ਅੰਡਰ ਪਾਸ ਪ੍ਰਾਜੈਕਟ, ਸੀਵਰੇਜ ਲਾਈਨਾਂ ਪਾਉਣ ਸਮੇਂ ਨੁਕਸਾਨੀਆਂ ਸੜਕਾਂ ਦੇ ਮੁੜ ਨਿਰਮਾਣ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।
ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਅਧਿਕਾਰੀ ਫੀਲਡ ਵਿੱਚ ਜਾ ਕੇ ਖੁਦ ਵਿਕਾਸ ਕਾਰਜਾਂ ਦੀ ਨਿਗਰਾਨੀ ਯਕੀਨੀ ਬਣਾਉਣ, ਤਾਂ ਜੋ ਇਨ੍ਹਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਰੇੜੂ ਧੋਗੜੀ ਰੋਡ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਜਲ ਸਪਲਾਈ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਰਫ਼ਤਾਰ ਤੇਜ਼ ਕਰਨ ਲਈ ਕਿਹਾ, ਤਾਂ ਜੋ ਇਸ ਉਪਰੰਤ ਸੜਕ ਦੇ ਕਾਰਜ ਨੂੰ ਮੁਕੰਮਲ ਕੀਤਾ ਜਾ ਸਕੇ। ਲੰਮਾ ਪਿੰਡ-ਜੰਡੂ ਸਿੰਘਾ ਰੋਡ ਨੂੰ ਚਹੁੰ ਮਾਰਗੀ ਕਰਨ ਦੇ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਬਿਜਲੀ ਦੇ ਖੰਬੇ ਸ਼ਿਫਟ ਕਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤ ਕੀਤੀ, ਤਾਂ ਜੋ ਸੜਕ ਨੂੰ ਚਹੁੰ ਮਾਰਗੀ ਕਰਨ ਦਾ ਕੰਮ ਜਲਦ ਤੋਂ ਜਲਦ ਪੂਰਾ ਕੀਤਾ ਜਾ ਸਕੇ।
ਬਰਲਟਨ ਪਾਰਕ ਵਿਖੇ ਸਪੋਰਟਸ ਹੱਬ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕਰਨ ਲਈ ਇਸ ਪ੍ਰਾਜੈਕਟ ਨੂੰ ਵੱਖ-ਵੱਖ ਹਿੱਸਿਆਂ ਵਿੱਚ ਵੰਡ ਕੇ ਕਰਵਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਸੀਵਰੇਜ ਲਾਈਨਾਂ ਪਾਉਣ ਸਮੇਂ ਨੁਕਸਾਨੀਆਂ ਸੜਕਾਂ ਦੇ ਮੁੜ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਹਿੱਤ ਵਿੱਚ ਮਹੱਤਪੂਰਣ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਦੀ ਲਗਾਤਾਰ ਸਮੀਖਿਆ ਕੀਤੀ ਜਾਵੇਗੀ। ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਪ੍ਰਾਜੈਕਟਾਂ ਨੂੰ ਜੰਗੀ ਪੱਧਰ ’ਤੇ ਚਲਾਉਣ ਦੀ ਤਾਕੀਦ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਾਜੈਕਟਾਂ ਸਬੰਧੀ ਜੇਕਰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ, ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ ਤਾਂ ਜੋ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕਰਵਾਇਆ ਜਾ ਸਕੇ।
