- ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਅਧਿਕਾਰੀਆਂ ਨੂੰ ਹੋਰ ਚੌਕਸੀ ਵਰਤਣ ਦੀ ਹਦਾਇਤ
- ਕਿਹਾ, ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਅੱਗ ਲਾਉਣ ਦੀਆਂ ਘਟਨਾਵਾਂ ਸਾਹਮਣੇ ਆਉਣ ’ਤੇ ਕੀਤੀ ਜਾਵੇ ਤੁਰੰਤ ਕਾਰਵਾਈ
- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਖਿਲਾਫ਼ ਵਿੱਢੀ ਮੁਹਿੰਮ ’ਚ ਨਿੱਤਰੇ ਨੰਬਰਦਾਰ
ਜਲੰਧਰ, 22 ਅਕਤੂਬਰ 2024-: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਿੱਥੇ ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੱਤਾ, ਉੱਥੇ ਇਸ ਰੁਝਾਨ ਨੂੰ ਠੱਲ੍ਹ ਪਾਉਣ ਲਈ ਦਿਨ-ਰਾਤ ਫੀਲਡ ਵਿੱਚ ਡਟੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਣ ’ਤੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਵੀ ਕੀਤੀ।
ਇਥੇ ਰੈੱਡ ਕਰਾਸ ਭਵਨ ਵਿਖੇ ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਸਮੇਤ ਇਕ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਨੋਡਲ ਅਤੇ ਕਲੱਸਟਰ ਅਫ਼ਸਰਾਂ ਨੂੰ ਅਗਲੇ ਕਰੀਬ 20 ਦਿਨ ਹੋਰ ਸਰਗਰਮੀ ਨਾਲ ਨਿਗਰਾਨੀ ਕਰਨ ਲਈ ਕਿਹਾ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਵਧੇਰੇ ਚੌਕਸੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਕਾਰਵਾਈ ਕਰਨ ਤੋਂ ਇਲਾਵਾ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਉਪਲਬਧਤਾ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਟੀਮਾਂ ਨੂੰ ਕਿਹਾ ਕਿ ਆਉਣ ਵਾਲੇ ਦਿਨ ਬਹੁਤ ਮਹੱਤਵਪੂਰਨ ਹਨ, ਜਿਸ ਦੇ ਮੱਦੇਨਜ਼ਰ ਫੀਲਡ ਵਿੱਚ ਦੌਰੇ ਜਾਰੀ ਰੱਖੇ ਜਾਣ।
ਡਾ. ਅਗਰਵਾਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੇ ਢੰਗ ਨਾਲ ਸੰਭਾਲ ਲਈ ਖੇਤੀਬਾੜੀ ਵਿਭਾਗ ਵੱਲੋਂ ਪਿਛਲੇ 6 ਸਾਲਾਂ ਦੌਰਾਨ ਕਰੀਬ 7 ਹਜ਼ਾਰ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 700 ਤੋਂ ਵੱਧ ਮਸ਼ੀਨਾਂ ਇਸ ਸਾਲ ਸਬਸਿਡੀ ’ਤੇ ਦਿੱਤੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਰ ਪਿੰਡ ਵਿੱਚ ਖੇਤੀ ਮਸ਼ੀਨਰੀ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ ਨੂੰ ਮਦਦ ਮਿਲ ਸਕੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਮੌਜੂਦ ਨੰਬਰਦਾਰਾਂ ਨੂੰ ਪਰਾਲੀ ਸਾੜਨ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਢੀ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੰਬਰਦਾਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਹਿਣ। ਉਨ੍ਹਾਂ ਕਿਹਾ ਕਿ ਜਿਹੜੇ ਨੰਬਰਦਾਰਾਂ ਦੇ ਪਿੰਡਾਂ ਵਿੱਚ ਖੇਤਾਂ ’ਚ ਅੱਗ ਲਗਾਉਣ ਦੇ ਮਾਮਲੇ ਨਹੀਂ ਹੋਣਗੇ, ਉਨ੍ਹਾਂ ਦਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਵੇਗਾ।
ਉਨ੍ਹਾਂ ਟੀਮਾਂ ਵਿੱਚ ਸ਼ਾਮਲ ਅਧਿਕਾਰੀਆਂ, ਕਰਚਾਰੀਆਂ ਤੋਂ ਇਲਾਵਾ ਨੰਬਰਦਾਰਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਦੇ ਹੋਏ ਜ਼ਿਲ੍ਹਾ ਜਲੰਧਰ ਨੂੰ ਪਰਾਲੀ ਦੇ ਧੂੰਏਂ ਤੋਂ ਮੁਕਤ ਬਣਾਉਣ ਦਾ ਪ੍ਰਣ ਵੀ ਦਿਵਾਇਆ।
ਇਸ ਤੋਂ ਪਹਿਲਾਂ ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦਿਹਾਤੀ ਪੁਲਿਸ ਵੱਲੋਂ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਪੂਰੀ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਪਿੰਡ ਪੱਧਰ ’ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜੋ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨਾਲ-ਨਾਲ ਇਸ ਦੇ ਪ੍ਰਬੰਧਨ ਲਈ ਪ੍ਰੇਰਨਗੇ।
ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ, ਜਿਸ ਦੇ ਲਈ ਸਾਨੂੰ ਸਭ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀਰਾਜ ਸਿੰਘ, ਐਸ.ਡੀ.ਐਮਜ਼ ਬਲਬੀਰ ਰਾਜ ਸਿੰਘ, ਰਣਦੀਪ ਸਿੰਘ, ਅਮਨਪਾਲ ਸਿੰਘ, ਲਾਲ ਵਿਸ਼ਵਾਸ ਅਤੇ ਸ਼ੁਭੀ ਆਂਗਰਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਇੰਜ. ਸੰਦੀਪ ਕੁਮਾਰ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਇੰਦਰਦੇਵ ਸਿੰਘ, ਸਮੂਹ ਕਲੱਸਟਰ ਅਤੇ ਨੋਡਰ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
