ਕਿਹਾ, ਕਿਸਾਨ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਹੋਰ ਫਾਸਫੋਟਿਕ ਖਾਦਾਂ ਵੀ ਅਪਨਾਉਣ
ਜਲੰਧਰ, 1 ਨਵੰਬਰ 2024 -: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ ਡੀ.ਏ.ਪੀ. ਖਾਦ ਦੀ ਕੋਈ ਕਮੀ ਨਹੀਂ ਹੈ ਅਤੇ ਰੱਬੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਜ਼ਿਲ੍ਹੇ ਵਿੱਚ ਖਾਦ ਦੀ ਲੋੜੀਂਦੀ ਸਪਲਾਈ ਲਗਾਤਾਰ ਆ ਰਹੀ ਹੈ।
ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਉਪਲਬੱਧ 1015 ਟਨ ਡੀ.ਏ.ਪੀ. ਖਾਦ ਦੀ 1 ਨਵੰਬਰ ਤੱਕ 500 ਟਨ ਸਹਿਕਾਰੀ ਸੁਸਾਇਟੀਆਂ ਅਤੇ 515 ਟਨ ਪ੍ਰਾਈਵੇਟ ਫਰਮਾਂ ਕੋਲ ਪਹੁੰਚ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਹੋਰ ਫਾਸਫੋਟਿਕ ਖਾਦਾਂ ਦੀ ਵਰਤੋਂ ਵੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਦੇ ਬਦਲ ਦੇ ਤੌਰ ’ਤੇ ਟ੍ਰਿਪਲ ਸੁਪਰ ਫਾਸਫੇਟ, ਐੱਨ.ਪੀ.ਕੇ., ਸਿੰਗਲ ਸੁਪਰ ਫਾਸਫੇਟ ਖਾਦ ਦੀ ਵੀ ਖੇਤੀਬਾੜੀ ਵਿਭਾਗ ਪੰਜਾਬ ਦੀਆਂ ਸਿਫਾਰਸ਼ਾਂ ਮੁਤਾਬਕ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਖਾਦਾਂ ਫਸਲਾਂ ਦੀ ਚੰਗੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਲਈ ਲਾਹੇਵੰਦ ਹਨ।
ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਦੇ ਬਦਲ ਟ੍ਰਿਪਲ ਸੁਪਰ ਫਾਸਫੇਟ ਦੇ ਜ਼ਿਲ੍ਹੇ ਵਿੱਚ ਤਿੰਨ ਰੈਕ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੀਜ਼ਨ ਦੀ ਮੰਗ ਮੁਤਾਬਕ ਡੀ.ਏ.ਪੀ. ਖਾਦ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ, ਇਸ ਲਈ ਕਿਸਾਨਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਖੇਤੀ ਖਾਦਾਂ ਦੀ ਜਮ੍ਹਾਖੋਰੀ, ਕਾਲਾ ਬਾਜ਼ਾਰੀ ’ਤੇ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਜਿਸ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਏ.ਪੀ. ਦੇ ਵਿਕਲਪ ਦੇ ਰੂਪ ਵਿੱਚ ਟ੍ਰਿਪਲ ਸੁਪਰ ਫਾਸਫੇਟ (0:46:0), ਐੱਨ.ਪੀ.ਕੇ 12:32:16, ਸਿੰਗਲ ਸੁਪਰ ਫਾਸਫੇਟ ਐੱਨ.ਪੀ.ਕੇ 16:16:16 ਅਤੇ ਐੱਨ.ਪੀ.ਕੇ 20:20:13 ਖਾਦ ਫਸਲਾਂ ਲਈ ਬਹੁਤ ਉਪਯੋਗੀ ਹੈ ਅਤੇ ਮਿੱਟੀ ਵਿੱਚ ਜ਼ਰੂਰੀ ਪੌਸ਼ਟਿਕ ਤੱਤਾਂ ਦੀ ਪੂਰਤੀ ਕਰਦੀ ਹੈ।