ਜਲੰਧਰ, 5 ਨਵੰਬਰ 2024 -: ਜ਼ਿਲ੍ਹਾ ਭਾਸ਼ਾ ਅਫ਼ਸਰ ਨਵਨੀਤ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ, ਗ਼ੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ’ਤੇ ਨਾਮ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਨਾਮ ਲਿਖੇ ਜਾਣ।
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜ਼ਿਲ੍ਹਾ ਜਲੰਧਰ ਦੇ ਸਮੂਹ ਸਕੂਲਾਂ, ਅਦਾਰਿਆਂ, ਦੁਕਾਨਾਂ, ਦਫ਼ਤਰਾਂ, ਵਿਭਾਗਾਂ, ਨਿਗਮਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਅਤੇ ਭਾਸ਼ਾ ਵਿਭਾਗ ਦੇ ਹੁਕਮਾਂ ਦੀ ਤੁਰੰਤ ਪਾਲਣਾ ਕਰਦੇ ਹੋਏ ਨਾਮ ਪੱਟੀਆਂ ਜਾਂ ਬੋਰਡਾਂ ਉੱਤੇ ਸਭ ਤੋਂ ਉੱਪਰ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਹੀ ਨਾਮ ਲਿਖੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚਲੇ ਸਰਕਾਰੀ ਅਦਾਰਿਆਂ ਵਿੱਚ ਦਫ਼ਤਰੀ ਕੰਮਾਂ ਲਈ ਪੰਜਾਬੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਉੱਥੇ ਨਾਲ ਹੀ ਸਭ ਆਮ ਅਤੇ ਖਾਸ ਲੋਕਾਂ ਨੂੰ ਵੀ ਅਪੀਲ ਹੈ ਕਿ ਨਾਮ ਪੱਟੀਆਂ ਅਤੇ ਸਾਈਨ ਬੋਰਡ ਆਦਿ ਉੱਤੇ ਨਾਮ ਲਿਖਣ ਸਮੇਂ ਪੰਜਾਬੀ ਭਾਸ਼ਾ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।
ਸਭ ਤੋਂ ਉਪਰ ਪੰਜਾਬੀ ਭਾਸ਼ਾ ’ਚ ਨਾਮ ਲਿਖਣ ਨੂੰ ਪਹਿਲ ਦਿੱਤੀ ਜਾਵੇ-ਜ਼ਿਲ੍ਹਾ ਭਾਸ਼ਾ ਅਫ਼ਸਰ
