ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ ਹੈ।
ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿਖੇ ਹੋਈ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਦੌਰਾਨ ਇਸ ਮੁੱਦੇ ਤੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜ਼ੋਰ ਦਿੱਤਾ ਕਿ ਬਾਇਮਾਸ ਪਾਵਰ ਪ੍ਰਾਜੈਕਟਾਂ ਲਈ ਪ੍ਰਤੀ ਮੈਗਾਵਾਟ ਪੰਜ ਕਰੋੜ ਦੀ ਸਬਸਿਡੀ ਮੁਹੱਈਆ ਹੋਣ ਨਾਲ ਪੰਜਾਬ ਤੇ ਉੱਤਰੀ ਭਾਰਤ ਦੇ ਹੋਰ ਸੂਬਿਆਂ ਨੂੰ ਪਰਾਲੀ ਜਲਣ ਕਾਰਨ ਪੈਦਾ ਹੁੰਦੇ ਪ੍ਰਦੂਸ਼ਣ ਨਾਲ ਨਜਿੱਠਣ ਵਿਚ ਸਹਾਇਤਾ ਮਿਲੇਗੀ।
ਉਨ੍ਹਾਂ ਕਿਹਾ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਕੇਂਦਰੀ ਮੰਤਰਾਲਾ 4.8 ਟਨ ਰੋਜ਼ਾਨਾ ਕੰਪਰੈਸਡ ਬਾਇਓਗੈਸ (ਸੀ.ਬੀ.ਜੀ) ਪੈਦਾਵਾਰ ਵਾਲੇ ਪਲਾਂਟ ਲਈ 4000 ਕਰੋੜ ਦੀ ਸਬਸਿਡੀ ਮੁਹੱਈਆ ਕਰਵਾਉਂਦਾ ਹੈ। ਲਗਭਗ ਇਨੀ ਮਿਕਦਾਰ ਵਿਚ ਪਰਾਲੀ ਦੀ ਵਰਤੋ ਨਾਲ ਇਕ ਬਾਇਓਮਾਸ ਪਲਾਂਟ ਇਕ ਮੈਗਾਵਾਟ ਬਿਜਲੀ ਪੈਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਜੀ ਦੀ ਪੈਦਾਵਾਰ ਦੀ ਤਰ੍ਹਾਂ ਹੀ ਜਦੋਂ ਬਾਇਓਮਾਸ ਊਰਜਾ ਪੈਦਾਵਾਰ ਵਿਚ ਪਰਾਲੀ ਦੀ ਵਰਤੋਂ ਹੋਣੀ ਹੈ ਤਾਂ ਬਾਇਓਮਾਸ ਊਰਜਾ ਪ੍ਰਾਜੈਕਟਾਂ ਨੂੰ ਵੀ ਸਬਸਿਡੀ ਜਾਂ ਵਿੱਤੀ ਵਾਜ਼ਬਤਾ ਲਈ ਫੰਡ (ਵੀ.ਜੀ.ਐਫ) ਦੇ ਰੂਪ ਵਿਚ ਸਹਾਇਤਾ ਮਿਲਣੀ ਜ਼ਰੂਰੀ ਹੈ ਤਾਂ ਜੋ ਅਜਿਹੇ ਪ੍ਰਾਜੈਕਟਾਂ ਦੀ ਮੌਜੂਦਾ ਪ੍ਰਤੀ ਯੂਨਿਟ ਲਾਗਤ 7.5 ਰੁਪਏ ਤੋਂ ਘਟਾ ਕੇ 5 ਹੋ ਸਕੇ ਜਿਸ ਨਾਲ ਨਾ ਕੇਵਲ ਸੂਬਿਆਂ ਨੂੰ ਸੌਖ ਰਹੇਗੀ ਸਗੋਂ ਪਰਾਲੀ ਦੀ ਸਮੱਸਿਆ ਵੱਡੇ ਪੈਮਾਨੇ ਤੇ ਹੱਲ ਹੋਵੇਗੀ।
ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ-ਈਟੀਓ
