ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਰਵਾਏ ਗਏ ਫ਼ਸਲ ਕਟਾਈ ਤਜਰਬਿਆਂ (ਸੀ.ਸੀ.ਈਜ਼.) ਵਿੱਚ ਪ੍ਰਤੀ ਹੈਕਟੇਅਰ ਝੋਨੇ ਦੇ ਔਸਤ ਝਾੜ ਵਿੱਚ 1.4 ਕੁਇੰਟਲ ਦਾ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਸੀਜ਼ਨ 2024 ਲਈ ਕੁੱਲ 2174 ਸੀ.ਸੀ.ਈਜ਼. ਕਰਵਾਏ ਜਾਣੇ ਹਨ ਅਤੇ 1863 ਸੀ.ਸੀ.ਈਜ਼. ਦੇ ਆਏ ਨਤੀਜਿਆਂ ਵਿੱਚ 6878 ਕਿਲੋਗ੍ਰਾਮ ਪ੍ਰਤੀ ਹੈਕਟੇਅਰ ਝਾੜ ਸਾਹਮਣੇ ਆਇਆ ਹੈ, ਜਦੋਂਕਿ ਸਾਉਣੀ 2023 ਦੌਰਾਨ ਇਹ ਝਾੜ 6740 ਕਿਲੋਗ੍ਰਾਮ ਪ੍ਰਤੀ ਹੈਕਟੇਅਰ ਸੀ। ਇਹਨਾਂ ਅੰਕੜਿਆਂ ਵਿੱਚ ਝੋਨੇ ਦੀਆਂ ਗੈਰ-ਬਾਸਮਤੀ ਅਤੇ ਬਾਸਮਤੀ ਦੋਵੇਂ ਕਿਸਮਾਂ ਸ਼ਾਮਲ ਹਨ। ਦੱਸਣਯੋਗ ਹੈ ਕਿ ਹੁਣ ਤੱਕ ਸੂਬੇ ਵਿੱਚ ਝੋਨੇ ਦੀ 97 ਫ਼ੀਸਦ ਕਟਾਈ ਮੁਕੰਮਲ ਹੋ ਚੁੱਕੀ ਹੈ।
ਸੂਬੇ ਵਿੱਚ ਚੱਲ ਰਹੀ ਕਣਕ ਦੀ ਬਿਜਾਈ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਨਿਰਧਾਰਿਤ 35 ਲੱਖ ਹੈਕਟੇਅਰ ਰਕਬੇ ਦੇ ਟੀਚੇ ਵਿੱਚੋਂ 27 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ ਇਸ ਨਾਲ ਲਗਭਗ 77 ਫ਼ੀਸਦ ਟੀਚਾ ਪੂਰਾ ਕਰ ਲਿਆ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਸੂਬੇ ਵਿੱਚ ਬਿਜਾਈ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਖੇਤੀਬਾੜੀ ਸ਼ਡਿਊਲ ਦੀ ਸਮੇਂ ਸਿਰ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਇਹ ਮਹੀਨਾ ਖ਼ਤਮ ਹੋਣ ਤੋਂ ਪਹਿਲਾਂ ਬਾਕੀ ਰਹਿੰਦੇ ਰਕਬੇ ‘ਚ ਵੀ ਬਿਜਾਈ ਪ੍ਰਕਿਰਿਆ ਮੁਕੰਮਲ ਹੋਣ ਦੀ ਉਮੀਦ ਹੈ।
ਪੰਜਾਬ ਵਿੱਚ ਝੋਨੇ ਦੇ ਝਾੜ ਵਿੱਚ ਪ੍ਰਤੀ ਹੈਕਟੇਅਰ 1.4 ਕੁਇੰਟਲ ਵਾਧਾ
