ਸਫਾਈ ਪੱਖੋਂ ਬਦਲੀ ਜਾਵੇਗੀ ਸ਼ਹਿਰ ਦੀ ਨੁਹਾਰ, ਪ੍ਰਸ਼ਾਸਨ ਨੇ ਕਮਰ ਕਸੀ
ਸ਼ਹਿਰ ਦੇ ਹੋਰ ਇਲਾਕਿਆਂ ‘ਚ ਵੀ ਇਸੇ ਤਰਜ਼ ‘ਤੇ ਕੀਤਾ ਜਾਵੇਗਾ ਸੁਧਾਰ
ਜਲੰਧਰੀਆਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਤੇ ਪ੍ਰਸ਼ਾਸਨ ਵੱਲੋਂ ਵਿੱਢੀ ਮੁਹਿੰਮ ਨੂੰ ਕਾਮਯਾਬ ਬਣਾਉਣ ‘ਚ ਸਹਿਯੋਗ ਦੇਣ ਦੀ ਅਪੀਲ
ਜਲੰਧਰ, 20 ਨਵੰਬਰ 2024 -: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ‘ਤੇ ਸਾਫ-ਸਫਾਈ ਪੱਖੋਂ ਸ਼ਹਿਰ ਦੀ ਨੁਹਾਰ ਬਦਲਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਮਰ ਕੱਸ ਲਈ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਲੰਧਰ ਨਗਰ ਨਿਗਮ ਵੱਲੋਂ ਪਾਇਲਟ ਪ੍ਰਾਜੈਕਟ ਦੇ ਤੌਰ ‘ਤੇ ਬਰਲਟਨ ਪਾਰਕ ਅਤੇ ਰਾਮਾ ਮੰਡੀ ਰੋਡ ਦੀ ਦਿੱਖ ਸੰਵਾਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਥਾਵਾਂ ਨੂੰ ਇਕ ਮਾਡਲ ਦੇ ਤੌਰ ਉੱਤੇ ਵਿਕਸਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਬਾਕੀ ਇਲਾਕਿਆਂ ਵਿੱਚ ਵੀ ਸਾਫ਼-ਸਫਾਈ ਯਕੀਨੀ ਬਣਾਈ ਜਾਵੇਗੀ।
ਡਾ. ਅਗਰਵਾਲ ਨੇ ਕਿਹਾ ਕਿ ਇਹ ਦੋਵੇਂ ਸਥਾਨ ਸ਼ਹਿਰ ਦੇ ਬਾਕੀ ਇਲਾਕਿਆਂ ਲਈ ਮਿਸਾਲ ਬਣਨਗੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸ਼ੁਰੂਆਤ ਹੈ। ਬਰਲਟਨ ਪਾਰਕ ਅਤੇ ਰਾਮਾ ਮੰਡੀ ਰੋਡ ਦੇ ਕਾਮਯਾਬ ਮਾਡਲ ਦੇ ਆਧਾਰ ’ਤੇ ਸ਼ਹਿਰ ਦੇ ਹੋਰ ਇਲਾਕਿਆਂ ਵਿੱਚ ਵੀ ਇਸੇ ਤਰਜ਼ ‘ਤੇ ਸੁਧਾਰ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਪ੍ਰਸ਼ਾਸਨ ਵੱਲੋਂ ਜਲੰਧਰ ਦੀ ਦਿੱਖ ਸੰਵਾਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਭਾਗੀਦਾਰ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਜਲੰਧਰੀਆਂ ਨੂੰ ਕੂੜਾ ਨਾ ਫੈਲਾਅ ਕੇ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਅਤੇ ਪ੍ਰਸ਼ਾਸਨ ਵੱਲੋਂ ਵਿੱਢੀ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।